Big Breaking: ਅਕਾਲੀ-ਭਾਜਪਾ ਗਠਜੋੜ ਬਾਰੇ ਡਾ. ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ
Babushahi Network
ਚੰਡੀਗੜ੍ਹ, 17 ਨਵੰਬਰ 2026: ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਸਿਆਸੀ ਗਠਜੋੜਾਂ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ (ਵਾਰਿਸ ਪੰਜਾਬ) ਵਿਚਾਲੇ ਗਠਜੋੜ ਦੀਆਂ ਚਰਚਾਵਾਂ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਸਿਆਸੀ ਸਮਝੌਤੇ ਨੂੰ ਲੈ ਕੇ ਵੀ ਨਵੀਂ ਚਰਚਾ ਛਿੜ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਕਿਹਾ ਹੈ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਗਠਜੋੜ ਦੇ ਮੁੱਦੇ ’ਤੇ ਆਪਣੇ ਵਿਚਾਰ ਅਤੇ ਸੁਝਾਅ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਮਣੇ ਰੱਖ ਦਿੱਤੇ ਹਨ। ਹੁਣ ਇਸ ਬਾਰੇ ਅੰਤਿਮ ਫੈਸਲਾ ਪਾਰਟੀ ਪ੍ਰਧਾਨ ਵੱਲੋਂ ਹੀ ਲਿਆ ਜਾਵੇਗਾ।
ANI ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਨੇ ਇਸ ਮਾਮਲੇ ’ਤੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਇਹ ਦੱਸਣ ਤੋਂ ਗੁਰੇਜ਼ ਕੀਤਾ ਕਿ ਭਾਜਪਾ ਨਾਲ ਗਠਜੋੜ ਹੋਵੇਗਾ ਜਾਂ ਨਹੀਂ ਅਤੇ ਜੇਕਰ ਹੁੰਦਾ ਹੈ ਤਾਂ ਇਸ ਦਾ ਰੂਪ ਕੀ ਹੋਵੇਗਾ।
ਉਨ੍ਹਾਂ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਸੁਖਬੀਰ ਬਾਦਲ ਦੇ ਅਗਲੇ ਫੈਸਲੇ ’ਤੇ ਟਿਕੀਆਂ ਹੋਈਆਂ ਹਨ।
- Download Babushahi App
-
-