Big Breaking: ਅਨਿਲ ਸਰੀਨ ਬਣੇ BJP ਪੰਜਾਬ ਦੇ ਸਟੇਟ ਸੋਸ਼ਲ ਮੀਡੀਆ ਇੰਚਾਰਜ
ਕੇਵਲ ਢਿੱਲੋਂ ਨੇ ਅਨਿਲ ਸਰੀਨ ਨੂੰ ਦਿੱਤੀਆਂ ਵਧਾਈਆਂ; ਸਰੀਨ ਨੇ ਭਾਜਪਾ ਹਾਈਕਮਾਨ ਦਾ ਪ੍ਰਗਟਾਇਆ ਧੰਨਵਾਦ
Ravi Jakhu
ਚੰਡੀਗੜ੍ਹ, 19 ਸਤੰਬਰ 2026- ਭਾਰਤੀ ਜਨਤਾ ਪਾਰਟੀ (BJP) ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਡਿਜੀਟਲ ਪਲੇਟਫਾਰਮਾਂ 'ਤੇ ਪਾਰਟੀ ਦੀ ਪਹੁੰਚ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਇੱਕ ਅਹਿਮ ਸੰਗਠਨਾਤਮਕ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਨੇਤਾ ਅਨਿਲ ਸਰੀਨ ਨੂੰ ਪੰਜਾਬ ਭਾਜਪਾ ਦਾ ਸਟੇਟ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ਵਿੱਚ ਰਸਮੀ ਐਲਾਨ ਕਰਦਿਆਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਢਿੱਲੋਂ ਨੇ ਅਨਿਲ ਸਰੀਨ ਨੂੰ ਨਵੀਂ ਜਿੰਮੇਵਾਰੀ ਦੀ ਸੌਂਪੀ ਅਤੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ। ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜਿੰਮੇਵਾਰੀ ਤੋਂ ਬਾਅਦ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ, ਕੇਵਲ ਢਿੱਲੋਂ ਅਤੇ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਪ੍ਰਗਟ ਕੀਤਾ ਹੈ।
ਜਿੰਮੇਵਾਰੀ ਸੰਭਾਲਣ ਤੋਂ ਬਾਅਦ ਅਨਿਲ ਸਰੀਨ ਨੇ ਪਾਰਟੀ ਹਾਈਕਮਾਨ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਇਸ ਭਰੋਸੇ 'ਤੇ ਖਰੇ ਉਤਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਦੌਰ ਵਿੱਚ ਸੋਸ਼ਲ ਮੀਡੀਆ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨ ਦਾ ਇੱਕ ਬਹੁਤ ਹੀ ਮਜ਼ਬੂਤ ਸਾਧਨ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਮੁੱਖ ਮਕਸਦ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ, ਪੰਜਾਬ ਦੇ ਸਰਬਪੱਖੀ ਵਿਕਾਸ ਲਈ ਭਾਜਪਾ ਦੇ ਦ੍ਰਿਸ਼ਟੀਕੋਣ ਅਤੇ ਪਾਰਟੀ ਦੇ ਵਿਚਾਰਾਂ ਨੂੰ ਰਾਜ ਦੇ ਕੋਨੇ-ਕੋਨੇ ਤੱਕ ਅਤੇ ਹਰ ਨੌਜਵਾਨ ਤੱਕ ਪਹੁੰਚਾਉਣਾ ਹੋਵੇਗਾ।
ਨਿਯੁਕਤੀ ਮੌਕੇ ਕੇਵਲ ਢਿੱਲੋਂ ਨੇ ਅਨਿਲ ਸਰੀਨ ਦੇ ਪਾਰਟੀ ਪ੍ਰਤੀ ਸਮਰਪਣ ਅਤੇ ਲੰਬੇ ਸਿਆਸੀ ਤਜਰਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਨਿਲ ਸਰੀਨ ਨੇ ਹਮੇਸ਼ਾ ਹੀ ਪਾਰਟੀ ਦੇ ਹਿੱਤਾਂ ਲਈ ਅੱਗੇ ਹੋ ਕੇ ਕੰਮ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਸਰੀਨ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੀ ਸੋਸ਼ਲ ਮੀਡੀਆ ਟੀਮ ਹੋਰ ਵਧੇਰੇ ਸਰਗਰਮ, ਅਸਰਦਾਰ ਅਤੇ ਤਾਕਤਵਰ ਬਣ ਕੇ ਉੱਭਰੇਗੀ, ਜੋ ਵਿਰੋਧੀਆਂ ਦੇ ਝੂਠੇ ਪ੍ਰਚਾਰ ਦਾ ਮੂੰਹ-ਤੋੜ ਜਵਾਬ ਦੇਣ ਅਤੇ ਪਾਰਟੀ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਅਨਿਲ ਸਰੀਨ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਮੰਡਲਾਂ ਅਤੇ ਬੂਥ ਪੱਧਰ 'ਤੇ ਸੋਸ਼ਲ ਮੀਡੀਆ ਦੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਦੇ ਉਤਸ਼ਾਹੀ ਨੌਜਵਾਨਾਂ ਨੂੰ ਪਾਰਟੀ ਦੇ ਡਿਜੀਟਲ ਵਿੰਗ ਨਾਲ ਜੋੜਿਆ ਜਾਵੇਗਾ ਤਾਂ ਜੋ ਪੰਜਾਬ ਦੇ ਮੌਜੂਦਾ ਮੁੱਦਿਆਂ, ਜਿਵੇਂ ਕਿ ਅਮਨ-ਕਾਨੂੰਨ ਦੀ ਸਥਿਤੀ, ਨਸ਼ਾ-ਮੁਕਤੀ ਅਤੇ ਆਰਥਿਕ ਸੁਧਾਰਾਂ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਜਾ ਸਕੇ। ਸਰੀਨ ਦੀ ਇਸ ਨਿਯੁਕਤੀ 'ਤੇ ਪੰਜਾਬ ਭਾਜਪਾ ਦੇ ਵੱਖ-ਵੱਖ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।
- Download Babushahi App
-
-