Big Breaking: ਅੰਮ੍ਰਿਤਪਾਲ ਦੀ ਪਾਰਟੀ ਨੂੰ ਵੱਡਾ ਝਟਕਾ! ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਦਿੱਤਾ ਅਸਤੀਫ਼ਾ
Babushahi Network
ਚੰਡੀਗੜ੍ਹ, 27 ਸਤੰਬਰ 2026: ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ED ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਪਾਰਟੀ ਤੋਂ ਆਪਣੇ ਆਪ ਨੂੰ ਅਲੱਗ ਕਰਨ ਦਾ ਐਲਾਨ ਕਰ ਦਿੱਤਾ। ਨਿਰੰਜਨ ਸਿੰਘ ਨੇ ਆਪਣੇ ਜਾਰੀ ਕੀਤੇ ਬਿਆਨ ਰਾਹੀਂ ਪਾਰਟੀ ਨਾਲੋਂ ਨਾਤਾ ਤੋੜਨ ਦੀ ਜਾਣਕਾਰੀ ਦਿੱਤੀ ਹੈ।
ਨਿਰੰਜਨ ਸਿੰਘ ਨੇ 23 ਸਤੰਬਰ 2026 ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਉਸ ਸਮੇਂ ਕਾਫੀ ਚਰਚਾ ਹੋਈ ਸੀ।
ਹੁਣ ਆਪਣੇ ਅਸਤੀਫ਼ੇ ਸਬੰਧੀ ਜਾਰੀ ਬਿਆਨ ਵਿੱਚ ਨਿਰੰਜਨ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਆਪਣੇ ਆਪ ਨੂੰ ਅਲੱਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਵਿਆਪਕ ਭ੍ਰਿਸ਼ਟਾਚਾਰ, ਗੈਂਗਸਟਰਾਂ, ਫਿਰੌਤੀ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਵਰਗੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਸੀ।
ਹਾਲਾਂਕਿ, ਨਿਰੰਜਨ ਸਿੰਘ ਨੇ ਕਿਹਾ ਕਿ ਕੁਝ ਅਜਿਹੇ ਮੁੱਦੇ ਹਨ, ਜਿਨ੍ਹਾਂ ’ਤੇ ਉਨ੍ਹਾਂ ਦੇ ਪਾਰਟੀ ਨਾਲ ਮਤਭੇਦ ਹਨ ਅਤੇ ਇਹ ਮਾਮਲੇ ਉਨ੍ਹਾਂ ਲਈ ਗੈਰ-ਸਮਝੌਤਾਯੋਗ ਹਨ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਜਨਤਕ ਜੀਵਨ ਵਿੱਚ ਰਹਿਣ ਵਾਲੇ ਵਿਅਕਤੀਆਂ ਦੇ ਆਚਰਨ ਨੂੰ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੋਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਨਿਰੰਜਨ ਸਿੰਘ ਨੇ ਆਪਣੇ ਬਿਆਨ ਦੇ ਅੰਤ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜੇ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਕੁਝ ਹੀ ਦਿਨਾਂ ਬਾਅਦ ਅਲੱਗ ਹੋਣ ਦੇ ਫੈਸਲੇ ਨੇ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
- Download Babushahi App
-
-