Breaking: ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸਿਸ਼, ਦੋਸ਼ੀ ਫੜਿਆ
Babushahi Network
ਅੰਮ੍ਰਿਤਸਰ ਸਾਹਿਬ, 12 ਜੂਨ 2026: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿਛਲੀ ਤਰਫ਼ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇੱਕ ਬੇਹੱਦ ਮੰਦਭਾਗੀ ਅਤੇ ਸ਼ੱਕੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਉੱਥੇ ਮੌਜੂਦ ਸੇਵਾਦਾਰਾਂ ਅਤੇ ਸਿੰਘਾਂ ਨੇ ਬਿਨਾਂ ਸਮਾਂ ਗਵਾਏ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਮੌਕੇ 'ਤੇ ਹੀ ਦਬੋਚ ਲਿਆ, ਜਿਸ ਕਾਰਨ ਕੋਈ ਵੀ ਵੱਡੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ।
SGPC ਦੇ ਅਧਿਕਾਰੀ ਅਤੇ ਮੈਨੇਜਰ ਮੇਜਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ। ਇਸੇ ਦੌਰਾਨ ਇੱਕ ਕਲੀਨ ਸ਼ੇਪ ਵਿਅਕਤੀ, ਜਿਸਦੀ ਉਮਰ ਕਰੀਬ 35 ਸਾਲ ਹੈ, ਅੰਦਰ ਦਾਖ਼ਲ ਹੋਇਆ। ਉਸਨੇ ਪਹਿਲਾਂ ਪਰਿਕਰਮਾ ਕੀਤੀ ਅਤੇ ਫਿਰ ਅਚਾਨਕ ਅੱਗੇ ਪਏ ਪਾਵਨ ਸ਼ਸਤਰਾਂ ਵੱਲ ਹੱਥ ਵਧਾਇਆ। ਉੱਥੇ ਮੌਜੂਦ ਸਿੰਘਾਂ ਨੇ ਤੁਰੰਤ ਮੁਸਤੈਦੀ ਦਿਖਾਈ ਅਤੇ ਉਸਨੂੰ ਮੌਕੇ 'ਤੇ ਹੀ ਫੜ ਕੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੀ ਮਨਸ਼ਾ ਬਹੁਤ ਮਾੜੀ ਸੀ ਅਤੇ ਉਹ ਕੋਈ ਵੀ ਵੱਡਾ ਨੁਕਸਾਨ ਕਰ ਸਕਦਾ ਸੀ। ਜਦੋਂ ਮੈਨੇਜਰ ਨੂੰ ਪੁੱਛਿਆ ਗਿਆ ਕਿ ਕੀ ਇਸ ਘਟਨਾ ਨੂੰ ਸਾਲ 2021 ਵਿੱਚ ਵਾਪਰੀ ਬੇਅਦਬੀ ਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ, ਤਾਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਬੰਦੇ ਨੇ ਸ਼ਸਤਰਾਂ ਨੂੰ ਹੱਥ ਪਾਇਆ ਹੈ, ਉਹ ਕਿਸੇ ਵੀ ਮਾੜੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ।
ਮੁਢਲੀ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਫੜਿਆ ਗਿਆ ਵਿਅਕਤੀ ਉੱਤਰ ਪ੍ਰਦੇਸ਼ (UP) ਦਾ ਰਹਿਣ ਵਾਲਾ ਹੈ। ਘਟਨਾ ਦੇ ਸਮੇਂ ਉਹ ਬਿਲਕੁਲ ਇਕੱਲਾ ਹੀ ਦਿਖਾਈ ਦੇ ਰਿਹਾ ਸੀ। ਮੈਨੇਜਰ ਨੇ ਅੱਗੇ ਕਿਹਾ, "ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਰਸ਼ਨਾਂ ਲਈ ਆਉਂਦੀ ਹੈ, ਪਰ ਕਿਸੇ ਦੇ ਮਨ ਦੀ ਮਨਸ਼ਾ ਦਾ ਪਹਿਲਾਂ ਪਤਾ ਨਹੀਂ ਹੁੰਦਾ। ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਬਚਾਅ ਰਿਹਾ।"
ਫਿਲਹਾਲ ਐਸਜੀਪੀਸੀ (SGPC) ਆਪਣੇ ਪੱਧਰ 'ਤੇ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਵਿਅਕਤੀ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ ਅਤੇ ਇਸਦਾ ਪਿਛੋਕੜ ਕੀ ਹੈ। ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਵੀ ਮੁਲਜ਼ਮ ਦਾ ਪੂਰਾ ਪਤਾ ਤਸਦੀਕ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਵਿੱਚ ਜੁਟ ਗਿਆ ਹੈ।
- Download Babushahi App
-
-