Breaking- BKU ਲੱਖੋਵਾਲ ਵੱਲੋਂ ਅਕਾਲੀ ਦਲ ਨੂੰ ਪੂਰਨ ਸਮਰਥਨ ਦਾ ਐਲਾਨ
Ravi Jakhu
ਚੰਡੀਗੜ੍ਹ, 18 ਨਵੰਬਰ 2026: 'ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ)' ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਉੱਘੇ ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਸਮੂਹ ਜਥੇਬੰਦੀ ਵੱਲੋਂ ਲਏ ਗਏ ਇਸ ਫੈਸਲੇ ਨੂੰ 2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂਆਂ ਦਾ ਨਿੱਘਾ ਸਵਾਗਤ ਕਰਦਿਆਂ ਇਸ ਸਮਰਥਨ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸੁਖਬੀਰ ਸਿੰਘ ਬਾਦਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਅਤੇ ਬਿਨਾਂ ਸ਼ਰਤ ਸਮਰਥਨ ਦੇਣ ਲਈ ਉਹ ਅਜਮੇਰ ਸਿੰਘ ਲੱਖੋਵਾਲ, ਸਰਦਾਰ ਹਰਿੰਦਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ (ਲੱਖੋਵਾਲ) ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਬੇਹੱਦ ਧੰਨਵਾਦੀ ਹਨ। ਉਨ੍ਹਾਂ ਇਸ ਕਦਮ ਨੂੰ ਪਾਰਟੀ ਲਈ ਇੱਕ ਵੱਡਾ ਹੌਸਲਾ ਕਰਾਰ ਦਿੱਤਾ।
ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇੱਕੋ-ਇੱਕ ਅਜਿਹੀ ਖੇਤਰੀ ਪਾਰਟੀ ਹੈ, ਜੋ ਸੂਬੇ ਦੇ ਅੰਨਦਾਤਾ ਯਾਨੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਦੇ ਹਿੱਤਾਂ ਦੀ ਪਹਿਰੇਦਾਰੀ ਕੀਤੀ ਹੈ।
ਇਸ ਮੁਲਾਕਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਵਫ਼ਦ ਵੱਲੋਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਅਤੇ ਦਰਪੇਸ਼ ਮੁਸ਼ਕਲਾਂ ਸਬੰਧੀ ਇੱਕ ਮੰਗ-ਪੱਤਰ ਵੀ ਸੁਖਬੀਰ ਸਿੰਘ ਬਾਦਲ ਨੂੰ ਸੌਂਪਿਆ ਗਿਆ। ਮੰਗ-ਪੱਤਰ ਪ੍ਰਾਪਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਲੱਖੋਵਾਲ ਸਾਹਿਬ ਅਤੇ ਯੂਨੀਅਨ ਦੇ ਸਮੂਹ ਮੈਂਬਰਾਂ ਨੂੰ ਪੂਰਾ ਭਰੋਸਾ ਦਿਵਾਇਆ ਕਿ 2027 ਵਿੱਚ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਿਸਾਨ ਭਾਈਚਾਰੇ ਦੇ ਸਾਰੇ ਲਟਕਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
- Download Babushahi App
-
-