CJP Protest Update : ਸੰਜੇ ਰਾਉਤ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ
ਜਨਤਾ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ, ਦਿੱਲੀ ਸੀਲ ਕਰਨ ਨਾਲ ਅੰਦੋਲਨ ਨਹੀਂ ਰੁਕੇਗਾ
ਨਵੀਂ ਦਿੱਲੀ/ਮੁੰਬਈ, 10 ਅਕਤੂਬਰ, 2026: ਰਾਜਧਾਨੀ ਦਿੱਲੀ ਵਿੱਚ ਜੰਤਰ-ਮੰਤਰ ਵਿਖੇ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਚੋਣ ਕਮਿਸ਼ਨ ਵਿਰੁੱਧ ਰੱਖੇ ਗਏ ਵਿਰੋਧ ਪ੍ਰਦਰਸ਼ਨ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਖ਼ਤੀ 'ਤੇ ਸ਼ਿਵ ਸੈਨਾ (UBT) ਦੇ ਸੰਸਦ ਮੈਂਬਰ ਸੰਜੇ ਰਾਉਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਦੀਆਂ ਕਾਰਵਾਈਆਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਜਨਤਕ ਅੰਦੋਲਨ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ।
ਸੰਜੇ ਰਾਉਤ ਨੇ ਕਿਹਾ ਕਿ ਅੱਜ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਦਿੱਲੀ ਪਹੁੰਚਣਾ ਸੀ, ਪਰ ਉਨ੍ਹਾਂ ਨੂੰ ਰੋਕਣ ਲਈ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ, ਲੋਕਾਂ ਨੂੰ ਥਾਂ-ਥਾਂ ਹਿਰਾਸਤ ਵਿੱਚ ਲਿਆ ਗਿਆ ਅਤੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਪੂਰੀ ਤਰ੍ਹਾਂ ਸੀਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਨੂੰ ਕੁਚਲਣ ਲਈ ਜੰਮੂ-ਕਸ਼ਮੀਰ ਤੋਂ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਬੁਲਾ ਕੇ ਪੂਰੀ ਦਿੱਲੀ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।
ਸ਼ਿਵ ਸੈਨਾ ਆਗੂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿਸੇ ਇੱਕ ਧਿਰ ਦਾ ਨਹੀਂ ਸਗੋਂ ਆਮ ਜਨਤਾ ਦਾ ਵਿਰੋਧ ਪ੍ਰਦਰਸ਼ਨ ਹੈ ਅਤੇ ਸਰਕਾਰ ਚਾਹੇ ਜਿੰਨਾ ਵੀ ਜ਼ੋਰ ਲਗਾ ਲਵੇ, ਉਹ ਲੋਕਤੰਤਰ ਵਿੱਚ ਜਨਤਾ ਦੀ ਉੱਠੀ ਆਵਾਜ਼ ਨੂੰ ਬਲਪੂਰਵਕ ਨਹੀਂ ਦਬਾ ਸਕਦੀ।
- Download Babushahi App
-
-