CM Mann ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਵਿਦਿਆਰਥਣਾਂ ਨਾਲ ਰੂ-ਬਰੂ
ਅੰਮ੍ਰਿਤਸਰ, 22 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅੱਜ ਸਰੂਪ ਰਾਣੀ ਸਰਕਾਰੀ ਕਾਲਜ, ਅੰਮ੍ਰਿਤਸਰ ਵਿਖੇ ਵਿਦਿਆਰਥਣਾਂ ਨਾਲ ਰੂ-ਬਰੂ ਹੋਏ। ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਬੱਲ ਵੱਲੋਂ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵਿੱਦਿਅਕ, ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਵਿੱਚ ਕੀਤੇ ਜਾ ਰਹੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੜਕੀਆਂ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਵਿਦਿਆਰਥਣਾਂ ਨੂੰ ਜੀਵਨ ਵਿੱਚ ਨਿਰੰਤਰ ਅੱਗੇ ਵਧਣ ਲਈ ਉਤਸ਼ਾਹ ਅਤੇ ਦ੍ਰਿੜ੍ਹ ਸੰਕਲਪ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਵਿਦਿਆਰਥਣਾਂ ਨਾਲ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਕਾਲਜ ਦੀਆਂ ਵਿੱਦਿਅਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਲਜ ਵਿਖੇ ਆਡੀਟੋਰੀਅਮ ਦੇ ਸੁਚੱਜੇ ਪ੍ਰਬੰਧ ਅਤੇ ਵਿਦਿਆਰਥਣਾਂ ਦੀ ਸਹੂਲਤ ਲਈ ਬੱਸ ਸੇਵਾ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ।
ਮੁੱਖ ਮੰਤਰੀ ਦੀ ਅਚਨਚੇਤ ਕਾਲਜ ਫੇਰੀ ਦਾ ਵਿਦਿਆਰਥਣਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਦਿਆਰਥਣਾਂ ਨੇ ਮੁੱਖ ਮੰਤਰੀ ਨਾਲ ਰੂ-ਬਰੂ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਮੌਕੇ ਨੂੰ ਯਾਦਗਾਰੀ ਦੱਸਿਆ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕਿਰਨਜੀਤ ਬੱਲ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਕਾਲਜ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
- Download Babushahi App
-
-