DC ਬਠਿੰਡਾ ਵੱਲੋਂ ਗਣਤੰਤਰ ਦਿਵਸ ਮੌਕੇ ਕਰਵਾਈ ਜਾਣ ਵਾਲੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 24 ਜਨਵਰੀ 2026 : ਮੁਲਕ ਦੇ 77ਵੇਂ ਗਣਤੰਤਰ ਦਿਵਸ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ’ਚ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਤੇ ਕਰ ਮੰਤਰੀ, ਪੰਜਾਬ ਸ. ਹਰਪਾਲ ਸਿੰਘ ਚੀਮਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ।ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵਲੋਂ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਤੇ ਪਰੇਡ ਵਿੱਚ ਸ਼ਾਮਲ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਵੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਡਾ. ਜਯੋਤੀ ਯਾਦਵ ਬੈਂਸ ਅਤੇ ਪ੍ਰੇਡ ਕਮਾਂਡਰ ਡੀ.ਐਸ.ਪੀ. ਹੈੱਡਕੁਆਰਟਰ ਸ਼੍ਰੀ ਰਾਹੁਲ ਭਾਰਦਵਾਜ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
26 ਜਨਵਰੀ 2026 ਨੂੰ ਜ਼ਿਲ੍ਹਾ ਪੱਧਰ ’ਤੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਨੇਵਲ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਦੇ ਨਾਲ-ਨਾਲ ਗਿੱਧਾ ਤੇ ਭੰਗੜਾ ਵੀ ਪੇਸ਼ ਕੀਤਾ ਗਿਆ।
ਫੁੱਲ ਡਰੈਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵਲੋਂ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕਰਦਿਆਂ ਇਹ ਵੀ ਕਿਹਾ ਕਿ ਉਹ ਆਪੋਂ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜਿੰਮੇਵਾਰੀ ਨਾਲ ਨਿਭਾਉਣ । ਇਸ ਦੌਰਾਨ ਐਸਐਸਪੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।