MLA ਅਨਮੋਲ ਗਗਨ ਮਾਨ ਨੇ ਟਿਕਟ ਕੱਟੇ ਜਾਣ ਤੇ ਦਿੱਤਾ ਵੱਡਾ ਬਿਆਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ/ਖਰੜ, 13 ਨਵੰਬਰ, 2026: ਆਮ ਆਦਮੀ ਪਾਰਟੀ (AAP) ਵੱਲੋਂ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿੱਚੋਂ ਖਰੜ ਦੀ ਮੌਜੂਦਾ ਵਿਧਾਇਕਾ ਅਨਮੋਲ ਗਗਨ ਮਾਨ ਦਾ ਨਾਮ ਗਾਇਬ ਰਹਿਣ ਤੋਂ ਬਾਅਦ ਛਿੜੀਆਂ ਸਿਆਸੀ ਚਰਚਾਵਾਂ 'ਤੇ ਅੱਜ ਉਨ੍ਹਾਂ ਨੇ ਖ਼ੁਦ ਆਪਣੀ ਚੁੱਪ ਤੋੜ ਦਿੱਤੀ ਹੈ। ਅਨਮੋਲ ਗਗਨ ਮਾਨ ਨੇ ਇੱਕ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਦੀ ਟਿਕਟ ਨਹੀਂ ਕੱਟੀ ਗਈ, ਸਗੋਂ ਚੋਣ ਨਾ ਲੜਨ ਦਾ ਫ਼ੈਸਲਾ ਉਨ੍ਹਾਂ ਦਾ ਆਪਣਾ ਨਿੱਜੀ ਫ਼ੈਸਲਾ ਹੈ।
ਪੰਜਾਬ ਵਾਸੀਆਂ ਅਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਉਨ੍ਹਾਂ ਦੇ ਚੁੱਪ ਰਹਿਣ ਕਾਰਨ ਚੋਣ ਨਾ ਲੜਨ ਸਬੰਧੀ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਇਸ ਸਬੰਧੀ ਸਥਿਤੀ ਸਪੱਸ਼ਟ ਕਰਦਿਆਂ ਉਨ੍ਹਾਂ ਦੱਸਿਆ ਕਿ ਬੀਤੀ 5 ਅਗਸਤ, 2026 ਨੂੰ ਦੁਪਹਿਰ 12 ਵਜੇ ਉਨ੍ਹਾਂ ਨੇ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਅਗਲੀ ਵਿਧਾਨ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ।
ਅਨਮੋਲ ਗਗਨ ਮਾਨ ਨੇ ਅੱਗੇ ਖ਼ੁਲਾਸਾ ਕੀਤਾ ਕਿ ਸੂਚੀ ਜਾਰੀ ਹੋਣ ਤੋਂ ਤਿੰਨ ਦਿਨ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਨੂੰ ਫ਼ੋਨ ਆਇਆ ਸੀ ਅਤੇ ਉਨ੍ਹਾਂ ਨੇ ਮੁੜ ਪੁੱਛਿਆ ਸੀ ਕਿ ਕੀ ਚੋਣ ਨਾ ਲੜਨ ਦਾ ਫ਼ੈਸਲਾ ਅੰਤਿਮ ਹੈ, ਜਿਸ 'ਤੇ ਉਨ੍ਹਾਂ ਨੇ ਆਪਣਾ ਪੁਰਾਣਾ ਫ਼ੈਸਲਾ ਹੀ ਦੁਹਰਾਇਆ।
ਅੰਤ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਾਵੇਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੇ ਇਸ ਫ਼ੈਸਲੇ ਤੋਂ ਖ਼ੁਸ਼ ਨਹੀਂ ਸਨ, ਪਰ ਇਹ ਉਨ੍ਹਾਂ ਦਾ ਆਪਣਾ ਨਿੱਜੀ ਨਿਰਣਾ ਹੈ ਅਤੇ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਹਮੇਸ਼ਾ ਆਮ ਆਦਮੀ ਪਾਰਟੀ ਦੇ ਨਾਲ ਹਨ।
- Download Babushahi App
-
-