ਵੱਡੇ ਬਾਦਲ ਸਾਹਿਬ ਦੇ ਜਨਮ ਦਿਨ ਮੌਕੇ 8 ਦਸੰਬਰ ਨੂੰ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ: ਸੁਖਬੀਰ ਸਿੰਘ ਬਾਦਲ; ਬੋਲੇ— "ਅਕਾਲੀ-ਭਾਜਪਾ ਗੱਠਜੋੜ ਸਿਆਸੀ ਨਹੀਂ ਸਗੋਂ ਨਹੁੰ-ਮਾਸ ਦਾ ਰਿਸ਼ਤਾ"
Ravi Jakhu
ਨਵੀਂ ਦਿੱਲੀ/ਚੰਡੀਗੜ੍ਹ, 24 ਨਵੰਬਰ, 2026: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (BJP) ਦਰਮਿਆਨ ਮੁੜ ਹੋਏ ਗੱਠਜੋੜ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਗਾਮੀ 8 ਦਸੰਬਰ ਨੂੰ ਮਰਹੂਮ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਖ਼ੁਦ ਪੰਜਾਬ ਆਉਣਗੇ।
ਗੱਠਜੋੜ ਸਬੰਧੀ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਕੋਈ ਮਹਿਜ਼ ਸਿਆਸੀ ਸਮਝੌਤਾ ਨਹੀਂ ਹੈ, ਸਗੋਂ ਉਨ੍ਹਾਂ ਦੇ ਪਿਤਾ ਸ. ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਕਹਿੰਦੇ ਸਨ ਕਿ ਅਕਾਲੀ-ਭਾਜਪਾ ਗੱਠਜੋੜ ਨਹੁੰ-ਮਾਸ ਦਾ ਰਿਸ਼ਤਾ ਹੈ, ਜਿਸ ਦੀ ਨੀਂਹ ਵੱਡੇ ਬਾਦਲ ਸਾਹਿਬ ਅਤੇ ਲਾਲ ਕ੍ਰਿਸ਼ਨ ਅਡਵਾਨੀ ਨੇ ਰੱਖੀ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਨਵੀਂ ਪਾਰਟੀ ਨਹੀਂ, ਸਗੋਂ ਦੇਸ਼ ਦੇ ਇਤਿਹਾਸ ਦੀ ਸਭ ਤੋਂ ਪੁਰਾਣੀ 106 ਸਾਲ ਪੁਰਾਣੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਦੇਸ਼ ਦੀਆਂ ਜੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੰਗਾਂ ਦੌਰਾਨ ਮਿਲੇ ਤਗ਼ਮਿਆਂ (ਮੈਡਲਾਂ) ਵਿੱਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਦਾ ਹੈ ਅਤੇ ਸ਼ਹੀਦ ਹੋਣ ਵਾਲੇ ਜਵਾਨਾਂ ਵਿੱਚੋਂ 50 ਫ਼ੀਸਦੀ ਪੰਜਾਬ ਦੇ ਸਪੂਤ ਸਨ।
ਪਿਛਲੀ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਦੇ ਪੰਜਾਬ ਨੂੰ 'ਸੋਨੇ ਦੀ ਚਿੜੀ' ਕਿਹਾ ਜਾਂਦਾ ਸੀ, ਪਰ ਪਿਛਲੇ 10 ਸਾਲਾਂ ਦੌਰਾਨ ਪਹਿਲਾਂ ਕਾਂਗਰਸ ਨੇ ਸੂਬੇ ਵਿੱਚ ਤਬਾਹੀ ਮਚਾਈ ਅਤੇ ਫਿਰ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਗੈਂਗਸਟਰਵਾਦ ਪੈਦਾ ਕਰਕੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੱਡੇ ਬਾਦਲ ਸਾਹਿਬ ਨੇ ਹਰ ਵਰਗ ਨੂੰ ਪਿਆਰ ਦੇ ਕੇ ਪੰਜਾਬ ਦੀ ਸੇਵਾ ਕੀਤੀ ਸੀ, ਅੱਜ ਮੁੜ ਉਸੇ ਤਰ੍ਹਾਂ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਰੁਜ਼ਗਾਰ ਨੂੰ ਬਚਾਉਣ ਦੀ ਲੋੜ ਹੈ, ਜੋ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।
ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਾਲ ਵਿਸਥਾਰਪੂਰਵਕ ਗੱਲਬਾਤ ਹੋਈ ਹੈ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦਾ ਮੁੱਖ ਮਿਸ਼ਨ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਅਤੇ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ, ਜਿਸ ਲਈ ਠੋਸ ਕਦਮ ਚੁੱਕੇ ਜਾਣਗੇ।
- Download Babushahi App
-
-