Punjab News: ਪਰਾਲੀ ਦੇ ਧੂੰਏਂ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਔਰਤ ਦੀ ਮੌਤ, 3 ਗੰਭੀਰ ਜ਼ਖ਼ਮੀ
ਖੰਨਾ ( ਰਵਿੰਦਰ ਢਿੱਲੋਂ ) ਪੁਲਿਸ ਜ਼ਿਲਾ ਖੰਨਾ ਅਧੀਨ ਪਿੰਡ ਜੈਪੁਰਾ ਨੇੜੇ ਸੜਕ ਕਿਨਾਰੇ ਖੇਤ ਵਿੱਚ ਪਰਾਲੀ ਨੂੰ ਲਾਈ ਅੱਗ ਦੇ ਸੰਘਣੇ ਧੂੰਏਂ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਦੋ ਮੋਟਰਸਾਈਕਲਾਂ ਅਤੇ ਇੱਕ ਕਾਰ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮੌਕੇ 'ਤੇ ਮੌਜੂਦ ਚਸ਼ਮਦੀਦ ਰਮਨਦੀਪ ਸਿੰਘ ਮੁਤਾਬਕ, ਸੜਕ ਦੇ ਨਾਲ ਲੱਗਦੇ ਗੁਰਦੀਪ ਸਿੰਘ ਨਾਮਕ ਕਿਸਾਨ ਦੇ ਖੇਤ ਵਿੱਚ ਪਰਾਲੀ ਨੂੰ ਅੱਗ ਲੱਗੀ ਹੋਈ ਸੀ। ਅੱਗ ਦਾ ਧੂੰਆਂ ਸੜਕ 'ਤੇ ਫੈਲਣ ਕਾਰਨ ਵਿਜ਼ੀਬਿਲਟੀ ਬਿਲਕੁਲ ਘੱਟ ਗਈ, ਜਿਸ ਕਾਰਨ ਸਾਹਮਣਿਓਂ ਆ ਰਹੀ ਇੱਕ ਕਾਰ ਅਤੇ ਦੋ ਮੋਟਰਸਾਈਕਲ ਆਪਸ ਵਿੱਚ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਾਹਨ ਸਵਾਰ ਸਿੱਧੇ ਅੱਗ ਲੱਗੇ ਖੇਤ ਵਿੱਚ ਜਾ ਡਿੱਗੇ।
ਪੁਲਿਸ ਅਧਿਕਾਰੀ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ ਪਿੰਡ ਸ਼ਾਹਪੁਰ ਦੀ ਰਹਿਣ ਵਾਲੀ ਕਰੀਬ 50-55 ਸਾਲਾ ਮਨਜੀਤ ਕੌਰ ਦੀ ਅੱਗ ਦੀ ਲਪੇਟ ਵਿੱਚ ਆਉਣ (ਸੜਨ) ਕਾਰਨ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾ ਦੇ ਨਾਲ ਸਫ਼ਰ ਕਰ ਰਹੇ ਉਨ੍ਹਾਂ ਦੇ ਪਤੀ ਨੂੰ ਵੀ ਕਈ ਥਾਵਾਂ 'ਤੇ ਫਰੈਕਚਰ ਆਏ ਹਨ, ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਦੂਜੇ ਮੋਟਰਸਾਈਕਲ 'ਤੇ ਸਵਾਰ ਪਾਇਲ ਦੇ ਰਹਿਣ ਵਾਲੇ ਜਸਪਾਲ ਸਿੰਘ ਅਤੇ ਸੁਰਿੰਦਰ ਸਿੰਘ ਵੀ ਗੰਭੀਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੀਆਂ ਲੱਤਾਂ ਅਤੇ ਬਾਹਾਂ ਟੁੱਟ ਗਈਆਂ ਹਨ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿੱਧੂ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਐੱਸ.ਡੀ.ਐੱਮ. ਪਾਇਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਦੇਖ-ਰੇਖ ਕੀਤੀ ਜਾ ਰਹੀ ਹੈ।
ਡੀਐਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੈਪੁਰਾਂ ਦੇ ਕਿਸਾਨ ਗੁਰਦੀਪ ਸਿੰਘ ਵੱਲੋਂ ਸੜਕ ਕਿਨਾਰੇ 2-3 ਵਿੱਘੇ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ਦੀ ਅਣਗਹਿਲੀ ਕਾਰਨ ਇਹ ਵੱਡਾ ਹਾਦਸਾ ਵਾਪਰਿਆ। ਪੁਲਿਸ ਵੱਲੋਂ ਸਬੰਧਤ ਕਿਸਾਨ ਖ਼ਿਲਾਫ਼ ਮਾਮਲਾ (ਪਰਚਾ) ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
- Download Babushahi App
-
-