Punjab news : Lady ਤਸਕਰ ਦੀ ਨਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ
ਮੰਡੀ ਗੋਬਿੰਦਗੜ੍ਹ, 3 ਜਨਵਰੀ:
ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਤਸਕਰ ਵਿਰੁੱਧ ਵੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਐਸ ਡੀ ਮਾਡਲ ਸਕੂਲ ਨਜ਼ਦੀਕ ਸਥਿਤ ਇਸ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹ ਦਿੱਤਾ ਹੈ।
ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐਸ.ਪੀ (ਪੀ.ਬੀ.ਆਈ) ਜਸਕੀਰਤ ਅਹੀਰ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ 'ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ।ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨਡੀਪੀਐਸ ਐਕਟ ਤਹਿਤ ਐੱਫ.ਆਈ.ਆਰ ਦਰਜ ਹਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਜਸਕੀਰਤ ਅਹੀਰ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
ਪੁਲਿਸ ਦੀ ਇਸ ਕਾਰਵਾਈ ਨਾਲ ਆਮ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।