SIR :ਬੀ.ਐਲ.ਓਜ਼. ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਦੀ ਮੁਹਿੰਮ ਜੋਰਾਂ 'ਤੇ : ਜ਼ਿਲ੍ਹਾ ਚੋਣ ਅਫ਼ਸਰ
ਅਸ਼ੋਕ ਵਰਮਾ
1192 ਬੀ.ਐਲ.ਓਜ਼ ਜ਼ਿਲ੍ਹੇ ਦੇ 10.53 ਲੱਖ ਤੋਂ ਵੱਧ ਵੋਟਰਾਂ ਦੀ ਗਣਨਾ ਕਰਨਗੇ
*24 ਜੁਲਾਈ 2026 ਤੱਕ ਜਾਰੀ ਰਹੇਗੀ ਘਰੋਂ-ਘਰੀ ਗਣਨਾ ਦੀ ਪ੍ਰਕਿਰਿਆ*
ਅਸ਼ੋਕ ਵਰਮਾ
ਬਠਿੰਡਾ, 27 ਜੂਨ 2026 :ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲੇ ਚ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਯੋਗ ਵੋਟਰਾਂ ਦੀ ਜਾਣਕਾਰੀ ਨੂੰ ਸਹੀ ਅਤੇ ਅੱਪਡੇਟ ਕਰਨ ਦੇ ਉਦੇਸ਼ ਨਾਲ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮ ਵੰਡਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਤੱਕ ਪਹੁੰਚ ਬਣਾਕੇ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਪਾਰਦਰਸ਼ੀ ਬਣਾਉਣਾ ਹੈ।
ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਡ ਫਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਇਹ ਫਾਰਮ ਭਰਨ ਵਿੱਚ ਵੋਟਰਾਂ ਦੀ ਸਹਾਇਤਾ ਕਰਨ ਤੋਂ ਇਲਾਵਾ ਇਨ੍ਹਾਂ ਫਾਰਮਾਂ ਨੂੰ ਘਰ-ਘਰ ਜਾ ਕੇ ਵਾਪਸ ਇਕੱਤਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਘਰੋਂ-ਘਰੀ ਗਣਨਾ ਦੀ ਪ੍ਰਕਿਰਿਆ 24 ਜੁਲਾਈ 2026 ਤੱਕ ਜਾਰੀ ਰਹੇਗੀ। ਜੇਕਰ ਬੀ.ਐਲ.ਓ ਨੂੰ ਕੋਈ ਫਾਰਮ ਪ੍ਰਾਪਤ ਨਹੀਂ ਹੁੰਦਾ ਤਾਂ ਉਸ ਫਾਰਮ ਦੀ ਪ੍ਰਾਪਤੀ ਲਈ ਉਹ ਤਿੰਨ ਵਾਰ ਤੱਕ ਉਸ ਘਰ ਦਾ ਦੌਰਾ ਕਰੇਗਾ ਅਤੇ ਆਪਣੇ ਦੌਰੇ ਸਬੰਧੀ ਘਰ ਦੇ ਦਰਵਾਜ਼ੇ 'ਤੇ ਸਟਿੱਕਰ ਚਿਪਕਾ ਕੇ ਜਾਣਕਾਰੀ ਦਰਜ ਕਰੇਗਾ।
ਸ਼੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ 244 ਬੀ.ਐਲ.ਓਜ਼. 2,23,498 ਵੋਟਰ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿੱਚ 170 ਬੀ.ਐਲ.ਓਜ਼. 1,57,039 ਵੋਟਰ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ 179 ਬੀ.ਐਲ.ਓਜ਼. 1,56,484 ਵੋਟਰ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿੱਚ 200 ਬੀ.ਐਲ.ਓਜ਼. ਵੱਲੋਂ 1,68,129 ਵੋਟਰ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿੱਚ 203 ਬੀ.ਐਲ.ਓਜ਼. 1,83,190 ਵੋਟਰ ਅਤੇ ਵਿਧਾਨ ਸਭਾ ਹਲਕਾ ਮੌੜ ਵਿੱਚ 196 ਬੀ.ਐਲ.ਓਜ਼. 1,64,751 ਵੋਟਰਾਂ ਤੱਕ ਪਹੁੰਚ ਬਣਾ ਰਹੇ ਹਨ। ਕੁੱਲ 1192 ਬੀ.ਐਲ.ਓਜ਼ ਜ਼ਿਲ੍ਹੇ ਦੇ 10.53 ਲੱਖ ਤੋਂ ਵੱਧ ਵੋਟਰਾਂ ਦੀ ਗਿਣਤੀ ਕਰਨਗੇ ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼. ਨਾਲ ਪੂਰਾ ਸਹਿਯੋਗ ਕਰਨ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਭਰੇ ਹੋਏ ਐਨੂਮਰੇਸ਼ਨ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਉਣ। ਇਸ ਨਾਲ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਜਾਂ ਕਮੀ ਨੂੰ ਦੂਰ ਕੀਤਾ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਐਸ.ਆਈ.ਆਰ ਸਬੰਧੀ ਐਲਾਨੇ ਗਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ, 2026 ਤੱਕ ਘਰੋਂ-ਘਰੀ ਗਣਨਾ, ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3-8-2026 ਤੋਂ 2-9-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਘਰੋਂ-ਘਰੀ ਗਣਨਾ ਦੌਰਾਨ ਜੇਕਰ ਕਿਸੇ ਵੋਟਰ ਦੀ ਮੈਪਿੰਗ ਨਹੀਂ ਹੁੰਦੀ ਹੈ ਤਾਂ ਉਸ ਨੂੰ ਇਤਰਾਜ਼ ਅਤੇ ਦਾਅਵਿਆਂ ਦੀ ਪ੍ਰਕਿਰਿਆ ਦੌਰਾਨ ਨੋਟਿਸ ਜਾਰੀ ਹੋਵੇਗਾ, ਜਿਸ ’ਤੇ ਸਬੰਧਤ ਵਿਅਕਤੀ ਨੂੰ ਮੰਗੇ ਗਏ ਦਸਤਾਵੇਜ਼ ਈ.ਆਰ.ਓ ਨੂੰ ਪੇਸ਼ ਕਰਕੇ ਆਪਣੀ ਵੋਟ ਬਣਵਾਉਣ ਲਈ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਮਲ ਦੌਰਾਨ ਕਿਸੇ ਵੀ ਯੋਗ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ਉੱਤੇ ਕੀਤਾ ਜਾ ਸਕਦਾ ਹੈ ਸੰਪਰਕ।
- Download Babushahi App
-
-