SIR ਤਹਿਤ ਬਠਿੰਡਾ ਜ਼ਿਲ੍ਹੇ ਦੇ 96.34 ਫ਼ੀਸਦੀ ਵੋਟਰਾਂ ਨੂੰ ਘਰ ਘਰ ਵੰਡੇ ਜਾ ਚੁੱਕੇ ਹਨ ਫਾਰਮ
ਐੱਸ.ਡੀ.ਐਮਜ਼. ਨੂੰ ਸਾਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਦੇ ਨਿਰਦੇਸ਼ ਜਾਰੀ
ਅਸ਼ੋਕ ਵਰਮਾ
ਬਠਿੰਡਾ, 2 ਜੁਲਾਈ 2026 :ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦੇ ਕੰਮ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਤੋਂ ਜਾਇਜ਼ਾ ਲਿਆ।
ਉਨ੍ਹਾਂ ਸਮੂਹ ਐਸ.ਡੀ.ਐਮਜ ਨੂੰ ਆਦੇਸ਼ ਜਾਰੀ ਕੀਤੇ ਕਿ ਐਸ.ਆਈ.ਆਰ ਦੇ ਕੰਮ ਨੂੰ ਪਹਿਲ ਆਧਾਰ ‘ਤੇ ਤਰੁੱਟੀ ਰਹਿਤ ਕਰਨਾ ਯਕੀਨੀ ਬਣਾਇਆ ਜਾਵੇ। ਐਸ.ਆਈ.ਆਰ.ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਕੁੱਲ 10.53 ਲੱਖ ਵੋਟਰ ਹਨ, ਜਿੰਨ੍ਹਾਂ ਵਿਚੋ ਕਰੀਬ 10.15 ਲੱਖ ਵੋਟਰਾਂ ਨੂੰ ਘਰ-ਘਰ ਜਾ ਕੇ ਫਾਰਮ ਵੰਡੇ ਜਾ ਚੁੱਕੇ ਹਨ ਜਿਹੜਾ ਕਿ 96.34 ਫ਼ੀਸਦੀ ਬਣਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਵੋਟਰ ਵੋਟਰ ਸੂਚੀ ਵਿਚੋਂ ਰਹਿਣਾ ਨਹੀਂ ਚਾਹੀਦਾ ਅਤੇ ਅਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਨਹੀਂ ਹੋਣਾ ਚਾਹੀਦਾ। ਇਸ ਕਾਰਜ ਨੂੰ ਪੂਰਨ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਬੀ.ਐਲ.ਓਜ਼. ਲਗਾਤਾਰ ਘਰਾਂ ਵਿੱਚ ਜਾ ਰਹੇ ਹਨ।
ਉਨ੍ਹਾਂ ਐੱਸ.ਡੀ.ਐਮਜ. ਨੂੰ ਆਦੇਸ਼ ਦਿੱਤੇ ਕਿ ਸਾਰੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਕਿ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕੀਤੀ ਜਾ ਸਕੇਹ
ਡਿਪਟੀ ਕਮਿਸ਼ਨਰ ਸ੍ਰੀ ਰਾਜ਼ੇਸ ਧੀਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਆਉਣ ਵਾਲੇ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਸ੍ਰੀ ਧੀਮਾਨ ਨੇ ਕਿਹਾ ਕਿ ਐਸ.ਆਈ.ਆਰ. ਦਾ ਮੁੱਖ ਮਕਸਦ ਵੋਟਰ ਸੂਚੀ ਨੂੰ 100 ਫੀਸਦੀ ਸ਼ੁੱਧ, ਨਿਰੋਲ ਤੇ ਕਮੀ ਰਹਿਤ ਬਣਾਉਣਾ ਹੈ। ਇਸ ਮੁਹਿੰਮ ਤਹਿਤ ਨਵੇਂ ਯੋਗ ਵੋਟਰਾਂ ਦੇ ਨਾਮ ਸ਼ਾਮਲ ਕੀਤੇ ਜਾ ਰਹੇ ਹਨ, ਮ੍ਰਿਤਕ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੇ ਨਾਮ ਕੱਟੇ ਜਾ ਰਹੇ ਹਨ ਅਤੇ ਦਰੁਸਤੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪੂਰੇ ਜਿਲ੍ਹੇ ਵਿੱਚ 1192 ਬੀਐਲਓਜ਼ ਵੱਲੋਂ ਘਰ-ਘਰ ਫਾਰਮ ਵੰਡਣ ਦੀ ਇਹ ਮੁਹਿੰਮ 24 ਜੁਲਾਈ 2026 ਤੱਕ ਚੱਲੇਗੀ। ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਜੀਏਸ਼ਨ 24 ਜੁਲਾਈ 2026 ਤੱਕ ਕੀਤੀ ਜਾਵੇਗੀ। ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਲਏ ਜਾਣਗੇ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਬਲਕਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਮੌੜ ਗੁਰਜਿੰਦਰ ਸਿੰਘ, ਤਹਿਸੀਲਦਾਰ ਚੋਣਾਂ ਆਦਿ ਹਾਜ਼ਰ ਸਨ।
- Download Babushahi App
-
-