ਸੁਖਬੀਰ ਬਾਦਲ ਨੂੰ ਦੁਬਾਰਾ ਤਲਬ ਕਰਨ ਦੀ ਮੰਗ, ਮੈਂਬਰ ਕਾਹਨੇਕੇ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ
106 ਸਾਲਾਂ ਦੇ ਇਤਿਹਾਸ ‘ਚ ਪਹਿਲੀ ਵਾਰ ਅਕਾਲ ਤਖ਼ਤ ਦੇ ਹੁਕਮਾਂ ਨੂੰ ਚੁਣੌਤੀ: ਕਾਹਨੇਕੇ
ਕੁਲਵਿੰਦਰ ਸਿੰਘ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ , 27 ਅਪ੍ਰੈਲ 2026
ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਮਾਸਟਰ ਮਿੱਠੂ ਸਿੰਘ ਕਾਨਕੇ ਦੀ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ ਰਾਹੀਂ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਸਟਰ ਮਿੱਠੂ ਸਿੰਘ ਕਾਨਕੇ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਲੀ ਵਿੱਚ ਦਿੱਤੇ ਬਿਆਨਾਂ ਰਾਹੀਂ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਅਥਾਰਟੀ ਨੂੰ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀ ਸਭ ਤੋਂ ਉੱਚੀ ਅਦਾਲਤ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਉੱਤੇ ਹੋਈਆਂ ਸਾਜ਼ਿਸ਼ਾਂ ਅਤੇ ਹਮਲਿਆਂ ਬਾਰੇ ਜਿਹੜੀਆਂ ਗੱਲਾਂ ਕੀਤੀਆਂ ਹਨ, ਉਹਨਾਂ ਨੂੰ ਸਾਬਤ ਕਰਨਾ ਚਾਹੀਦਾ ਹੈ। ਜੇਕਰ ਉਹਨਾਂ ਕੋਲ ਕੋਈ ਸਬੂਤ ਹਨ ਤਾਂ ਉਹ ਜਨਤਕ ਕੀਤੇ ਜਾਣ ਅਤੇ ਜੇਕਰ ਬਿਨਾਂ ਆਧਾਰ ਦੇ ਬਿਆਨ ਦਿੱਤੇ ਗਏ ਹਨ ਤਾਂ ਫਿਰ ਅਕਾਲ ਤਖ਼ਤ ਸਾਹਿਬ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇ। ਮਾਸਟਰ ਕਾਨਕੇ ਨੇ ਕਿਹਾ ਕਿ SGPC ਦੇ 106 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਇਸ ਤਰ੍ਹਾਂ ਚੈਲੈਂਜ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਸਿੱਖ ਪੰਥ ਸਦਾ ਹੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਨੂੰ ਸਿਰ ਮੱਥੇ ਲਾਉਂਦਾ ਆਇਆ ਹੈ, ਪਰ ਇਸ ਤਰ੍ਹਾਂ ਦੀ ਭਾਸ਼ਾ ਅਤੇ ਰਵੱਈਆ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਰ ਹੁਕਮਨਾਮੇ ਨੂੰ ਲਾਗੂ ਕਰਵਾਇਆ ਜਾਵੇ।
Click to Follow Babushahi Facebook page →