ਪੰਜਾਬ ਅਤੇ ਚੰਡੀਗੜ੍ਹ ਵਿੱਚ ਤਿੰਨ ਦਿਨ ਪੈ ਸਕਦੈ ਮੀਂਹ
ਕੱਲ੍ਹ ਗੜੇਮਾਰੀ ਦੀ ਸੰਭਾਵਨਾ
ਤਾਪਮਾਨ ਆਮ ਨਾਲੋਂ 2.4 ਡਿਗਰੀ ਘੱਟ
ਚੰਡੀਗੜ੍ਹ 13 ਅਕਤੂਬਰ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਤਿੰਨ ਦਿਨਾਂ ਤੱਕ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਹੈ। ਅੱਜ ਕੁਝ ਥਾਵਾਂ 'ਤੇ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। 14 ਅਤੇ 15 ਅਕਤੂਬਰ ਨੂੰ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.4 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਇਹ ਆਮ ਨਾਲੋਂ 2.4 ਡਿਗਰੀ ਘੱਟ ਰਿਹਾ। ਭਾਖੜਾ ਡੈਮ 'ਤੇ ਸਭ ਤੋਂ ਵੱਧ 32.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗਾ ਅਤੇ ਇੱਕ ਜਾਂ ਦੋ ਵਾਰ ਮੀਂਹ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 13 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਰਹਿਣ ਦੀ ਉਮੀਦ ਹੈ।
- Download Babushahi App
-
-