ਪੰਜਾਬ ਅਤੇ ਚੰਡੀਗੜ੍ਹ 'ਚ ਅਗਲੇ ਪੰਜ ਦਿਨ ਮੌਸਮ ਰਹੇਗਾ ਖ਼ੁਸ਼ਕ: ਦਿਨ ਵੇਲੇ ਗਰਮੀ ਤੇ ਰਾਤਾਂ ਹੋਣਗੀਆਂ ਠੰਢੀਆਂ, 10-11 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ
ਬਾਬੂਸ਼ਾਹੀ ਬਿਊਰੋ
ਮੋਹਾਲੀ/ਚੰਡੀਗੜ੍ਹ, 6 ਨਵੰਬਰ, 2026: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਅਗਲੇ ਪੰਜ ਦਿਨਾਂ ਤੱਕ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਅਤੇ ਸਾਫ਼ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ, ਜਿਸ ਨਾਲ ਸਵੇਰੇ ਅਤੇ ਰਾਤ ਵੇਲੇ ਠੰਢਕ ਮਹਿਸੂਸ ਹੋਵੇਗੀ। ਹਾਲਾਂਕਿ, ਨਵੰਬਰ ਦਾ ਪਹਿਲਾ ਹਫ਼ਤਾ ਬੀਤ ਜਾਣ ਦੇ ਬਾਵਜੂਦ ਦਿਨ ਵੇਲੇ ਧੁੱਪ ਕਾਰਨ ਗਰਮੀ ਬਣੀ ਹੋਈ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਨਾਲੋਂ ਉੱਪਰ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 32.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜਦੋਂ ਕਿ ਪਟਿਆਲਾ ਅਤੇ ਚੰਡੀਗੜ੍ਹ ਵਿੱਚ ਪਾਰਾ 32.4 ਡਿਗਰੀ ਰਿਹਾ।
ਰਾਤ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ ਅਤੇ ਹੁਸ਼ਿਆਰਪੁਰ 13.4 ਡਿਗਰੀ ਸੈਲਸੀਅਸ ਨਾਲ ਸੂਬੇ ਵਿੱਚ ਸਭ ਤੋਂ ਠੰਢੇ ਇਲਾਕੇ ਰਹੇ। ਇਸ ਤੋਂ ਇਲਾਵਾ ਬਠਿੰਡਾ ਵਿੱਚ 13.6 ਡਿਗਰੀ, ਚੰਡੀਗੜ੍ਹ ਵਿੱਚ 13.7 ਡਿਗਰੀ, ਫ਼ਰੀਦਕੋਟ ਵਿੱਚ 14 ਡਿਗਰੀ ਅਤੇ ਗੁਰਦਾਸਪੁਰ ਵਿੱਚ 14.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੂਜੇ ਪਾਸੇ, ਅੰਮ੍ਰਿਤਸਰ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਰਹਿ ਕੇ 15.2 ਡਿਗਰੀ, ਲੁਧਿਆਣਾ ਵਿੱਚ 15.4 ਡਿਗਰੀ ਅਤੇ ਪਟਿਆਲਾ ਵਿੱਚ 15 ਡਿਗਰੀ ਰਿਹਾ।
ਮੌਸਮ ਵਿਭਾਗ ਅਨੁਸਾਰ ਫਿਲਹਾਲ ਪਹਾੜਾਂ 'ਤੇ ਪੱਛਮੀ ਗੜਬੜੀ ਦਾ ਪ੍ਰਭਾਵ ਕਮਜ਼ੋਰ ਹੈ, ਪਰ 10 ਅਤੇ 11 ਨਵੰਬਰ ਨੂੰ ਇੱਕ ਨਵੀਂ ਪੱਛਮੀ ਗੜਬੜੀ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਅਸਰ ਨਾਲ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਚੰਡੀਗੜ੍ਹ ਵਿੱਚ 11 ਨਵੰਬਰ ਤੱਕ ਮੌਸਮ ਸਾਫ਼ ਰਹੇਗਾ। ਇਸ ਤੋਂ ਇਲਾਵਾ, ਫਿਲਹਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਪ੍ਰਦੂਸ਼ਣ ਤੋਂ ਰਾਹਤ ਦਿੱਤੀ ਹੈ, ਪਰ 8 ਨਵੰਬਰ ਦੇ ਆਸ-ਪਾਸ ਹਵਾ ਦੀ ਗਤੀ ਧੀਮੀ ਪੈਣ ਨਾਲ ਪੰਜਾਬ ਅਤੇ ਦਿੱਲੀ-ਐੱਨ.ਸੀ.ਆਰ. ਵਿੱਚ ਪ੍ਰਦੂਸ਼ਣ ਦਾ ਪੱਧਰ ਮੁੜ ਵਧਣ ਦਾ ਖ਼ਦਸ਼ਾ ਹੈ।
- Download Babushahi App
-
-