ਜੀ ਐਸ ਪੰਨੂ
ਪਟਿਆਲਾ, 14 ਜਨਵਰੀ 2021 - ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਹੁਨਰ ਸਿਖਲਾਈ ਦੇਣ ਲਈ ਸਰਕਾਰੀ ਆਦੇਸ਼ਾਂ ਤਹਿਤ 'ਮਿਸ਼ਨ ਰੈਡ ਸਕਾਈ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਨਸ਼ਿਆਂ ਦਾ ਤਿਆਗ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਰਾਹੀਂ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਨਵੀਂ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ ਤਹਿਤ ਉਹ ਨੌਜਵਾਨ ਜਿਨ੍ਹਾਂ ਕੋਲ ਕੋਈ ਰੋਜ਼ਗਾਰ ਜਾ ਸਵੈ ਰੋਜ਼ਗਾਰ ਨਹੀਂ ਹੈ ਉਨ੍ਹਾਂ ਨੂੰ ਸਿਖਲਾਈ ਦੇਕੇ ਆਪਣੇ ਪੈਰਾ ਸਿਰ ਕਰਨ ਦਾ ਉਪਰਾਲਾ ਕੀਤਾ ਜਾਵੇਗਾ।
ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਮਿਸ਼ਨ ਦਾ ਮੁੱਖ ਮੰਤਵ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਰਾਹੀਂ ਰੋਜ਼ਗਾਰ ਦੇ ਕਾਬਲ ਬਣਾਉਣਾ ਹੈ ਤਾਂ ਜੋ ਉਹ ਆਪਣੇ ਇਲਾਜ ਉਪਰੰਤ ਆਪਣੇ ਪੈਰਾਂ'ਤੇ ਖੜ੍ਹੇ ਹੋ ਸਕਣ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਤਿਆਗ ਕਰਨ ਵਾਲੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ 'ਤੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਪ੍ਰਾਪਤ ਕਰਨ ਵਿਚ ਸਹਾਇਤਾ ਵੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰ'ਤੇ ਇਸ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਮਿਸ਼ਨ ਨੂੰ ਸਫਲ ਬਣਾਉਣ ਲਈ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਜਾ ਰਹੇ ਹਨ।