ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ 2021-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਦੇ ਸੱਦੇ ’ਤੇ 26 ਜਨਵਰੀ ਨੂੰ ਖੇਤੀ ਕਾਨੂੰਨਾਂ ਅਤੇ ਦਲਿਤਾਂ ’ਤੇ ਜਬਰ ਖ਼ਿਲਾਫ਼ ਸ੍ਰੀ ਮੁਕਤਸਰ ਸਾਹਿਬ ’ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਅੱਜ ਪਿੰਡ ਖੁੰਡੇ ਹਲਾਲ ਵਿਚ ਖੇਤ ਮਜ਼ਦੂਰਾਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨ ਦੌਰਾਨ ਖੇਤ ਮਜ਼ਦੂਰਾਂ ਨੂੰ ਖੇਤੀ ਕਾਨੂੰਨਾਂ ਦੇ ਉਨ੍ਹਾਂ ਦੀ ਜ਼ਿੰਦਗੀ ’ਤੇ ਪੈਣ ਵਾਲੇ ਮਾੜੇ ਅਸਰਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਵੱਲੋਂ ਇੱਕ ਹੱਥ ਸੰਸਾਰੀਕਰਨ, ਉਦਾਰੀਕਰਨ ਤੇ ਨਿੱਜੀਕਰਨ ਦੀਆਂ ਨੀਤੀਆਂ ਨੂੰ ਤੇਜੀ ਨਾਲ ਲਾਗੂ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਦੂਜੇ ਪਾਸੇ ਦੇਸ਼ ਦੇ ਅੰਦਰ ਵੰਡੀਆਂ ਪਾਉਣ ਦੀ ਸਿਆਸਤ ਖੇਡਦੇ ਹੋਏ ਦਲਿਤਾਂ ਤੇ ਮੁਸਲਮਾਨਾਂ ਨੂੰ ਵਿਸ਼ੇਸ਼ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੌਰਾਨ ਖੇਤੀ ਕਾਨੂੰਨ ਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ, ਦਲਿਤਾਂ ’ਤੇ ਜਬਰ ਬੰਦ ਕਰਨ, ਦਲਿਤਾਂ ਦੀ ਸਮਾਜਿਕ ਬਰਾਬਰੀ ਦੀ ਗਰੰਟੀ ਕਰਨ, ਗਿ੍ਰਫਤਾਰ ਕੀਤੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਖੇਤ ਮਜ਼ਦੂਰਾਂ ਦੇ ਰੁਜ਼ਗਾਰ ਦਾ ਪੱਕਾ ਪ੍ਰਬੰਧ ਕਰਨ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਖੇਤ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖਤਮ ਕਰਨ ਅਤੇ ਤਿੱਖੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਮੁੱਦੇ ਜੋਰ ਨਾਲ ਉਭਾਰੇ ਜਾਣਗੇ।