ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ 2021-ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਵਲੋਂ ਅੱਜ ਆਯੂਸ਼ਮਾਨ ਭਾਰਤ ਸਰੱਬਤ ਸਿਹਤ ਬੀਮਾ ਯੋਜਨਾ ਅਧੀਨ ਇਨਪੈਨਲਡ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਅਤੇ ਸਰਕਾਰੀ ਸਿਹਤ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਬਾਰੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਵਲੋਂ 1 ਮਾਰਚ ਤੋਂ ਆਮ ਜਨਤਾ ਲਈ ਕੋਵਿਡ ਵੈਕਸੀਨ ਸ਼ੁਰੂ ਕੀਤੀ ਜਾ ਰਹੀ ਹੈ, ਜੋ ਕਿ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਵਿੱਚ ਵੈਕਸੀਨ ਲਗਵਾਉਣਾ ਚਾਹੁੰਦਾ ਹੈ ਤਾਂ ਉਥੇ 250 ਰੁਪਏ ਵੈਕਸੀਨ ਦੀ ਫੀਸ ਹੈ। ਇਹ ਕੋਵਿਡ ਵੈਕਸੀਨ ਸ਼ੁਰੂਆਤ ਦੇ ਵਿਚ 60 ਸਾਲ ਤੋਂ ਉਪਰ ਉਮਰ ਦੇ ਲੋਕਾਂ ਦੇ ਲਗਾਈ ਜਾਵੇਗੀ ਅਤੇ 45 ਤੋਂ 60 ਸਾਲ ਦੀ ਉਮਰ ਦੇ ਵਿਅਕਤੀ ਜਿਨਾਂ ਨੂੰ ਕੋਈ ਬਿਮਾਰੀ ਹੈ ਜਿਵੇਂ ਸ਼ੂਗਰ, ਬੱਲਡ ਪ੍ਰੈਸ਼ਰ, ਕੈਂਸਰ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪੀੜਤ ਹਨ ਉਨ੍ਹਾਂ ਦੇ ਇਹ ਕੋਵਿਡ ਵੈਕਸੀਨ ਲਗਾਈ ਜਾਵੇਗੀ। ਕਿਸੇ ਵੀ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਵੈਕਸੀਨ ਲਗਵਾਉਣ ਸਮੇਂ ਉਨ੍ਹਾਂ ਨੂੰ ਆਪਣੇ ਨਾਲ ਬਿਮਾਰੀ ਦਾ ਰਜਿਸਟਰਡ ਸਰਟੀਫਿਕੇਟ ਲੈ ਕੇ ਆਉਣਾ ਜਰੂਰੀ ਹੋਵੇਗਾ। ਉੁਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਕੋਵਿਡ ਵੈਕਸੀਨ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਸਰਕਾਰੀ ਹਸਪਤਾਲਾਂ ਵਿਚ ਇਹ ਵੈਕਸੀਨ ਸਵੇਰੇ 9 ਤੋਂ ਸ਼ਾਮ 3 ਵਜੇ ਤੱਕ ਲਗਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੈਕਸੀਨ ਸਰਕਾਰੀ ਅਤੇ ਆਯੂਸ਼ਮਾਨ ਭਾਰਤ ਸਰੱਬਤ ਸਿਹਤ ਬੀਮਾ ਯੋਜਨਾ ਅਧੀਨ ਇਨਪੈਨਲਡ ਪ੍ਰਾਈਵੇਟ ਹਸਪਤਾਲਾਂ ਵਿਚ ਹੀ ਲਗਾਈ ਜਾਵੇਗੀ। ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਹ ਕੋਵਿਡ ਵੈਕਸੀਨ ਪਹਿਲਾਂ ਹੈਲਥ ਕੇਅਰ ਵਰਕਰਾਂ ਅਤੇ ਉਸ ਤੋਂ ਬਾਅਦ ਫਰੰਟਲਾਈਨ ਵਰਕਰਾਂ ਦੇ ਲਗਾਈ ਗਈ ਸੀ ਅਤੇ ਹੁਣ ਇਹ ਵੈਕਸੀਨ ਆਮ ਜਨਤਾ ਲਈ ਖੋਲ੍ਹ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੋਵਿਡ ਵੈਕਸੀਨ ਸਿਹਤ ਵਿਭਾਗ ਕੋਲ ਪੂਰੀ ਤਰਾਂ ਉਪਲੱਬਧ ਹੈ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਕੋਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ।