ਅਸ਼ੋਕ ਵਰਮਾ
ਬਠਿੰਡਾ, 4 ਮਾਰਚ 2021 - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਰਗਆਂ ਮੰਗਾਂ ਨੂੰ ਲੈਕੇ 12 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਸੂਬਾ ਪੱਧਰੀ ਮਹਾਂ-ਰੈਲੀ ਦੀ ਤਿਆਰੀ ਵਜੋਂ ਠੇਕਾ ਮੁਲਾਜ਼ਮਾਂ ਨੇ ਪਿੰਡ ਕੋਟੜਾ ਕੌੜਾ ’ਚ ਢੋਲ ਮਾਰਚ ਕੀਤਾ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਸੰਦੀਪ ਖਾਨ ਅਤੇ ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਚਾਰ ਸਾਲ ਦੇ ਕਾਰਜਕਾਲ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ,ਸਗੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ “ਵੈੱਲਫੇਅਰ ਐਕਟ 2016“ ਨੂੰ ਲਾਗੂ ਕਰਨ ਤੋਂ ਲਗਾਤਾਰ ਟਾਲਾ ਵੱਟਣ ਦੇ ਨਾਲ-ਨਾਲ ਐਕਟ ਨੂੰ ਤੋੜਕੇ ਇਸ ’ਚ ਸ਼ਾਮਲ ਆਉਟਸੋਰਸਿੰਗ,ਠੇਕਾ ਪ੍ਰਣਾਲੀ ਅਤੇ ਇਨਲਿਸਟਮੈਂਟ ਆਦਿ ਨੂੰ ਬਾਹਰ ਕਰਕੇ ਨਵਾਂ ਵੈੱਲਫੇਅਰ ਐਕਟ 2020 ਲਿਆਉਣ ਦੀ ਤਿਆਰੀ ਕਰ ਰਹੀ ਹੈ । ਉਨ੍ਹਾਂ ਦੱਸਿਆ ਕਿ ਸਰਕਾਰੀ ਥਰਮਲਾਂ,ਜਲ ਸਪਲਾਈ ,ਪਾਵਰਕਾਮ ,ਸੀਵਰੇਜ਼,ਟਰਾਂਸਪੋਰਟ,ਮਗਨਰੇਗਾ, ਵੈਲਫੇਅਰ ਬੋਰਡ ,ਸਿਹਤ ਅਤੇ ਸਿੱਖਿਆ ਵਿਭਾਗ ’ਚ ਅਜਿਹੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦਿਆਂ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ,ਪਰ ਸਰਕਾਰ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾ ਰਹੀ ਹੈ।
ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ “ਵੈੱਲਫੇਅਰ ਐਕਟ 2016“ ਅਧੀਨ ਲਿਆਕੇ ਰੈਗੂਲਰ ਕੀਤਾ ਜਾਵੇ ਅਤੇ ਜ਼ਬਰੀ ਛਾਂਟੀ ਬੰਦ ਕੀਤੀ ਜਾਵੇ,ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ,ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕਰਨ ਕੀਤੀ ਜਾਵੇ,ਆਹਲੂਵਾਲੀਆ ਕਮੇਟੀ ਦੀਆਂ ਸਮੂਹ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਵੇ ਅਤੇ ਕਮੇਟੀ ਭੰਗ ਕੀਤੀ ਜਾਵੇ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ,ਬਿਜਲੀ ਸੋਧ ਬਿੱਲ 2020 ਸਮੇਤ ਸਮੂਹ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸ਼ਰਾਲੀ ,ਬੀ.ਕੇ.ਯੂ. ਏਕਤਾ ਉਗਰਾਹਾਂ ਤੋਂ ਪਵਨ ਕੁਮਾਰ,ਟੀ.ਐਸ.ਯੂ. (ਭੰਗਲ) ਦੇ ਸਤਿੰਦਰ ਸਿੰਘ ਸੋਨੀ,ਪਾਵਰਕਾਮ ਅਤੇ ਟ੍ਰਾਂਸਕੋ ਤੋਂ ਸਰਕਲ ਪ੍ਰਧਾਨ ਮਲਕੀਤ ਸਿੰਘ,ਥਰਮਲ ਯੂਨੀਅਨ ਤੋਂ ਆਗੂ ਬਲਜਿੰਦਰ ਸਿੰਘ ਮਾਨ ,ਹਰਜਿੰਦਰ ਸਿੰਘ,ਕਿ੍ਰਸ਼ਨ ਸਿੰਘ,ਦਲਜੀਤ ਸਿੰਘ,ਜਸਵਿੰਦਰ ਕੁਮਾਰ ,ਜਸਪਾਲ ਸਿੰਘ,ਬਲਵਿੰਦਰ ਸਿੰਘ,ਗੁਰਜੰਟ ਸਿੰਘ,ਰਮਜਾਨ ਖਾਨ ,ਸਤਨਾਮ ਸਿੰਘ,ਯਾਦਵਿੰਦਰ ਸਿੰਘ,ਜਸਕਰਨ ਸਿੰਘ ਅਤੇ ਮਨਪ੍ਰੀਤ ਸਿੰਘ ਆਦਿ ਆਗੂਆਂ ਨੇ ਕਿਰਤੀ ਵਰਗਾਂ ਨੂੰ ਜਥੇਬੰਦ ਹੋਕੇ ਸਾਂਝੇ ਸੰਘਰਸ਼ਾਂ ਦੇ ਪਿੜ ਮੱਲਣ ਦਾ ਸੱਦਾ ਦਿੱਤਾ।