ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਵਿੱਚ 25 ਮੰਡੀਆਂ ਤੇ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ
- ਤੈਅ ਵਿੱਥ ਉਤੇ ਲੱਗਣੀਆਂ ਫ਼ਸਲ ਦੀਆਂ ਢੇਰੀਆਂ
- ਮਾਸਕ, ਹੱਥ ਧੋਣ ਅਤੇ ਸਮਾਜਕ ਵਿੱਥ ਸਬੰਧੀ ਪ੍ਰਬੰਧ ਬਣਾਏ ਜਾ ਰਹੇ ਨੇ ਯਕੀਨੀ
- ਮੰਡੀਆਂ ਵਿੱਚ ਸਾਫ਼ ਸਫਾਈ ਦਾ ਵਿਸ਼ੇਸ਼ ਪ੍ਰਬੰਧ
- ਮੰਡੀਆਂ ਵਿੱਚ ਆਉਣ ਵਾਲਿਆਂ ਤੋਂ ਕੋਰੋਨਾ ਤੋਂ ਬਚਾਅ ਸਬੰਧੀ ਸਹਿਯੋਗ ਦੀ ਮੰਗ
ਐਸ ਏ ਐਸ ਨਗਰ, 09 ਅਪਰੈਲ 2021 - ਜ਼ਿਲ੍ਹੇ ਵਿੱਚ 10 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੰਡੀਆਂ ਵਿੱਚ ਬਿਜਲੀ ਤੇ ਲਾਈਟਾਂ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਵਿਭਾਗੀ ਅਧਿਕਾਰੀਆਂ ਵੱਲੋਂ ਲਾਗਤਾਰ ਮੰਡੀਆਂ ਵਿੱਚ ਵਿਚਰ ਕੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।
ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾਣਗੀਆਂ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।