ਅੰਮਿ੍ਰਤਸਰ, 12 ਅਪ੍ਰੈਲ 2021-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਜੀ ਦੁਆਰਾ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਜੁੜਿਆ ਹੈ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਗਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੁੱਚੀ ਸੰਗਤ ਨੂੰ ਖ਼ਾਲਸਾ ਪੰਥ ਦੇ ਸਾਜਣਾ ਦਿਵਸ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਰਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਸਮਾਗਮਾਂ ਸਮੇਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।