ਜੋਅ ਬਾਈਡੇਨ ਨੇ ਜਸਟਿਸ ਟਰੂਡੋ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ
ਗੁਰਿੰਦਰਜੀਤ ਨੀਟਾ ਮਾਛੀਕੇ
ਫਰਿਜ਼ਨੋ (ਕੈਲੀਫੋਰਨੀਆ), 22 ਸਤੰਬਰ 2021 - ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਮੰਗਲਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਵਧਾਈ ਦਿੱਤੀ। ਵਾਈਟ ਹਾਊਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਟਿਨ ਟਰੂਡੋ ਅਤੇ ਉਨ੍ਹਾਂ ਦੀ ਲਿਬਰਲ ਪਾਰਟੀ ਦੀ ਚੋਣ ਜਿੱਤ ਲਈ ਵਧਾਈ ਦਿੰਦਿਆਂ ਬਾਈਡੇਨ ਨੇ ਦੋਵੇਂ ਦੇਸ਼ਾਂ ਦਰਮਿਆਨ ਮਜ਼ਬੂਤ ਅਤੇ ਡੂੰਘੀ ਦੋਸਤੀ ਦੀ ਉਮੀਦ ਕੀਤੀ।
ਆਪਣੀ ਗੱਲਬਾਤ ਦੌਰਾਨ ਦੋਵੇਂ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਆਪਣੀ ਅਰਥਵਿਵਸਥਾਵਾਂ ਦੀ ਲਚਕਤਾ ਨੂੰ ਮਜ਼ਬੂਤ ਕਰਨ ਅਤੇ ਮਹਾਂਮਾਰੀ ਸਬੰਧੀ ਤਾਲਮੇਲ ਲਈ ਉਨ੍ਹਾਂ ਦੀ ਸਾਂਝੀ ਵਚਨਬੱਧਤਾ 'ਤੇ ਵੀ ਚਰਚਾ ਕੀਤੀ। ਕੈਨੇਡਾ ਵਿੱਚ ਜਸਟਿਸ ਟਰੂਡੋ ਦੀ ਲਿਬਰਲ ਪਾਰਟੀ ਨੇ ਚੋਣਾਂ ਜਿੱਤ ਲਈਆਂ ਹਨ, ਪਰ ਸੰਸਦ ਵਿੱਚ ਪੂਰਨ ਬਹੁਮਤ ਹਾਸਲ ਕਰਨ ਤੋਂਂ ਖੁੰਝ ਗਈ ਹੈ। ਕੈਨੇਡੀਅਨ ਚੋਣਾਂ ਤੋਂ ਕੁੱਝ ਦਿਨ ਪਹਿਲਾਂ, ਟਰੂਡੋ ਨੂੰ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਤੋਂ ਸਮਰਥਨ ਪ੍ਰਾਪਤ ਹੋਇਆ ਸੀ।