ਟਿਕਰੀ ਬਾਰਡਰ 'ਤੇ ਸ਼ਹੀਦ ਹੋਈਆਂ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ
ਝੋਨਾ ਮੰਡੀਆਂ ਦੀਆਂ ਬਦ-ਇੰਤਜਾਮੀਆਂ ਕਾਰਨ ਕਿਸਾਨ ਹੋ ਰਹੇ ਹਨ ਖੱਜਲ-ਖੁਆਰ; ਖਰੀਦ, ਚੁਕਾਈ ਤੇ ਭੁਗਤਾਨ 'ਚ ਹੋ ਰਹੀ ਹੈ ਲੰਬੀ ਦੇਰੀ ।
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ 28 ਅਕਤੂਬਰ 2021- ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 393ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਬੁਲਾਰਿਆਂ ਨੇ ਕਿਹਾ ਕਿ ਧਨੌਲਾ ਪੁਲਿਸ ਨੇ ਬੀਜੇਪੀ ਨੇਤਾ ਹਰਜੀਤ ਸਿੰਘ ਗਰੇਵਾਲ ਦੇ ਦਬਾਅ ਹੇਠ ਕਿਸਾਨਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ। ਇਸ ਸਬੰਧੀ ਕਿਸਾਨ ਮੋਰਚੇ ਦਾ ਵਫਦ ਜਿਲ੍ਹਾ ਪ੍ਰਸ਼ਾਸਨ ਨੂੰ ਕਈ ਵਾਰ ਮਿਲਿਆ ਅਤੇ ਝੂਠੇ ਕੇਸ ਰੱਦ ਕਰਨ ਦੀ ਮੰਗ ਕੀਤੀ। ਪਰ ਅਧਿਕਾਰੀਆਂ ਨੇ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਸੋ ਮੋਰਚੇ ਨੇ ਫੈਸਲਾ ਕੀਤਾ ਹੈ ਕਿ ਕੱਲ੍ਹ 29 ਤਰੀਕ ਨੂੰ 11 ਵਜੇ ਦਾਣਾ ਮੰਡੀ ਧਨੌਲਾ ਵਿਖੇ ਇਕੱਠੇ ਹੋਣ ਬਾਅਦ ਬਾਜਾਰਾਂ ਵਿਚੋਂ ਦੀ ਰੋਸ ਪ੍ਰਦਰਸ਼ਨ ਕਰਨ ਉਪਰੰਤ ਥਾਣੇ ਮੂਹਰੇ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਸਭ ਨੂੰ ਭਲਕੇ 11 ਵਜੇ ਸਿੱਧੇ ਦਾਣਾ ਮੰਡੀ ਧਨੌਲਾ ਪਹੁੰਚਣ ਦੀ ਅਪੀਲ ਕੀਤੀ।
ਅੱਜ ਸਵੇਰੇ ਟੀਕਰੀ ਬਾਰਡਰ ਦਿੱਲੀ ਵਿਖੇ ਇੱਕ ਬਹੁਤ ਦੁਖਦਾਈ ਘਟਨਾ ਵਾਪਰੀ। ਆਟੋ ਰਿਕਸ਼ਾ ਉਡੀਕ ਰਹੀਆਂ ਸੱਤ ਅੰਦੋਲਨਕਾਰੀਆਂ ਬੀਬੀਆਂ ਨੂੰ ਇੱਕ ਟਰੱਕ ਨੇ ਕੁਚਲ ਦਿੱਤਾ। ਤਿੰਨ ਬੀਬੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜਖਮੀ ਹੋ ਗਈਆਂ। ਅੱਜ ਧਰਨੇ ਵਿੱਚ ਦੋ ਮਿੰਟ ਦਾ ਮੌਨ ਧਾਰ ਕੇ ਕਿਸਾਨ ਅੰਦੋਲਨ ਦੀਆਂ ਇਨ੍ਹਾਂ ਤਾਜ਼ਾ ਸ਼ਹੀਦਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।
ਅੱਜ ਕਰਨੈਲ ਸਿੰਘ ਗਾਂਧੀ, ਨਛੱਤਰ ਸਿੰਘ ਸਹੌਰ,ਮੇਲਾ ਸਿੰਘ ਕੱਟੂ, ਗੁਰਨਾਮ ਸਿੰਘ ਠੀਕਰੀਵਾਲਾ, ਉਜਾਗਰ ਸਿੰਘ ਬੀਹਲਾ, ਗੁਰਚਰਨ ਸਿੰਘ ਸੁਰਜੀਤਪੁਰਾ, ਕੁਲਵਿੰਦਰ ਕੌਰ ਖੁੱਡੀ ਕਲਾਂ, ਬਲਜੀਤ ਸਿੰਘ ਚੌਹਾਨਕੇ, ਪ੍ਰੇਮਪਾਲ ਕੌਰ, ਕਾਕਾ ਸਿੰਘ ਫਰਵਾਹੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਅੱਜ ਝੋਨਾ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਦਾ ਮਸਲਾ ਇੱਕ ਵਾਰ ਫਿਰ ਉਠਾਇਆ। ਆਗੂਆਂ ਨੇ ਕਿਹਾ ਕਿ ਸਰਕਾਰ ਮੰਡੀਆਂ ਦੀਆਂ ਬਦ-ਇੰਤਜਾਮੀਆਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਬਿਨਾਂ-ਬਜਾਹ ਝੋਨੇ ਦੀ ਖਰੀਦ,ਚੁਕਾਈ ਤੇ ਭੁਗਤਾਨ ਵਿੱਚ ਲੰਬੀ ਦੇਰੀ ਹੋ ਰਹੀ ਹੈ।ਆਗੂਆਂ ਨੇ ਸਰਕਾਰ ਨੂੰ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਕਰਨ ਲਈ ਤੁਰੰਤ ਜਰੂਰੀ ਕਦਮ ਉਠਾਉਣ ਲਈ ਕਿਹਾ।
ਬੁਲਾਰਿਆਂ ਨੇ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਕੌਮਾਂਤਰੀ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਦੀ ਸਖਤ ਨਿਖੇਧੀ ਕੀਤੀ। ਦਰਸ਼ਨ ਸਿੰਘ ਧਾਲੀਵਾਲ ਨੂੰ ਏਅਰਪੋਰਟ ਤੋਂ ਵਾਪਸ ਕਰਨ ਬਾਅਦ, ਹੁਣ ਕਨੇਡਾ 'ਚ ਵਸਦੇ ਭਾਰਤੀ ਮੂਲ ਦੇ ਨਾਗਰਿਕਾਂ ਦੇ ਲੰਬੀ ਮਿਆਦ ਦੇ ਵੀਜੇ ਅਤੇ ਆਈਓਸੀ ਕਾਰਡ ਰੱਦ ਕਰ ਦਿੱਤੇ ਹਨ। ਕਾਰਨ ਦੱਸਿਆ ਜਾ ਰਿਹਾ ਹੈ ਕਿ ਇਹ ਸਭ ਭਾਰਤ ਵਿਚਲੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਅਤੇ ਭਾਰਤ ਸਰਕਾਰ ਵਿਰੁੱਧ ਰੋਸ਼ ਪ੍ਰਦਰਸ਼ਨ ਕਰਦੇ ਹਨ। ਅਸੀਂ ਸਰਕਾਰ ਦੇ ਇਸ ਨਾਦਰਸ਼ਾਹੀ ਫਰਮਾਨ ਦੀ ਸਖਤ ਨਿਖੇਧੀ ਕਰਦੇ ਹਾਂ ਅਤੇ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।
ਅੱਜ ਗੁਰਮੇਲ ਸਿੰਘ ਕਾਲੇਕੇ ਦੇ ਕਵੀਸ਼ਰੀ ਜਥੇ ਨੇ ਬੀਰਰਸੀ ਪ੍ਰਸੰਗ ਸੁਣਾ ਕੇ ਪੰਡਾਲ ਵਿੱਚ ਜੋਸ਼ ਭਰਿਆ।