ਏ.ਡੀ.ਸੀ. (ਜੀ) ਥਿੰਦ ਤੇ ਐਸ.ਡੀ.ਐਮ. ਵੱਲੋਂ ਪੀ.ਐਸ.ਪੀ.ਸੀ.ਐਲ. ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਨਾਲ ਮੀਟਿੰਗ
ਜੀ ਐਸ ਪੰਨੂ
ਪਟਿਆਲਾ, 28 ਨਵੰਬਰ,2021 - ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਪੰਜਾਬ ਰਾਜ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਧਰਨੇ 'ਤੇ ਬੈਠੇ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਪਣਾ ਧਰਨਾ ਸਮਾਪਤ ਕਰਨ ਲਈ ਆਖਿਆ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ ਵੀ ਮੌਜੂਦ ਸਨ।
ਗੁਰਪ੍ਰੀਤ ਸਿੰਘ ਥਿੰਦ ਨੇ ਧਰਨਾਕਾਰੀਆਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮਸਲੇ ਦਾ ਹੱਲ ਕਰਨ ਲਈ ਗੰਭੀਰ ਹੈ, ਇਸ ਲਈ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਇੱਕ ਉਚ ਪਧਰੀ ਕਮੇਟੀ ਗਠਿਤ ਕੀਤੀ ਗਈ ਹੈ।
ਏ.ਡੀ.ਸੀ. ਥਿੰਦ ਨੇ ਦੱਸਿਆ ਕਿ ਇਸ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰ ਰਹੇ ਮ੍ਰਿਤਕ ਮੁਲਾਜਮਾਂ ਦੇ ਆਸ਼ਰਿਤਾਂ ਦੀਆਂ ਮੰਗਾਂ ਮੰਨੇ ਜਾਣ ਲਈ ਫੈਸਲਾ ਬਹੁਤ ਜਲਦ ਲਿਆ ਜਾਣ ਵਾਲਾ ਹੈ, ਇਸ ਲਈ ਉਹ ਬਿਜਲੀ ਨਿਗਮ ਦੇ ਦਫ਼ਤਰ ਦੇ ਬੰਦ ਕੀਤੇ ਗੇਟ ਤੁਰੰਤ ਖੋਲ੍ਹ ਦੇਣ ਤਾਂ ਕਿ ਬਿਜਲੀ ਮੁਲਾਜਮਾਂ ਅਤੇ ਅਧਿਕਾਰੀਆਂ ਸਮੇਤ ਆਪਣੇ ਕੰਮਾਂ-ਕਾਰਾਂ ਲਈ ਇਥੇ ਆਉਂਣ ਵਾਲੇ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਐਸ.ਡੀ.ਐਮ. ਚਰਨਜੀਤ ਸਿੰਘ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ 'ਚ ਹੋਈ ਹੈ, ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਬਹੁਤ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਇਸ ਮੌਕੇ ਬਿਜਲੀ ਨਿਗਮ ਸਮੇਤ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।