ਪੰਜਾਬ 'ਚ 'ਲਾਅ ਐਂਡ ਆਰਡਰ' 'ਤੇ ਸਿਆਸਤ: ਕੈਪਟਨ ਨੇ ਕਿਹਾ ਮਾਨ ਸਰਕਾਰ ਪੂਰੀ ਤਰ੍ਹਾਂ ਅਣਜਾਣ, ਸੁਖਬੀਰ ਨੇ ਪੁੱਛਿਆ- ਕੀ ਇਹੋ ਹੈ ਬਦਲਾਅ?
ਦੀਪਕ ਗਰਗ,ਬਾਬੂਸ਼ਾਹੀ ਨੈੱਟਵਰਕ
ਕੋਟਕਪੂਰਾ 17 ਮਈ 2022
ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭੜਕ ਉੱਠੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਜੀ ਭਰਕੇ ਕੋਸਿਆ। ਕੈਪਟਨ ਨੇ ਮਾਨ ਸਰਕਾਰ ਨੂੰ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਅਣਜਾਣ, ਅਸਮਰੱਥ ਅਤੇ ਅਯੋਗ ਕਰਾਰ ਦਿੱਤਾ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਕੀ ਇਹ ਕਤਲਾਂ, ਕਿਸਾਨ ਖੁਦਕੁਸ਼ੀਆਂ ਅਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ 'ਤੇ ਉਨ੍ਹਾਂ ਦਾ ਬਦਲਾਅ ਹੈ?
ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਤੋਂ ਅਸਮਰੱਥ : ਕੈਪਟਨ
ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਪੂਰਥਲਾ ਵਿੱਚ ਕਬੱਡੀ ਮੈਚ ਦੌਰਾਨ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ। ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਸੰਭਾਲਣ ਦੇ ਸਮਰੱਥ ਨਹੀਂ ਹੈ।
ਸੁਖਬੀਰ ਬਾਦਲ ਨੇ 'ਆਪ' ਸਰਕਾਰ ਨੂੰ ਵੀ ਘੇਰਿਆ
ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵੀ 'ਆਪ' ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ 2 ਮਹੀਨਿਆਂ ਵਿੱਚ 27 ਕਤਲ ਹੋਏ ਹਨ। 24 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਨਸ਼ੇ ਦੀ ਓਵਰਡੋਜ਼ ਕਾਰਨ 61 ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਅਜਿਹੇ ਵੀ ਹਨ, ਜਿਨ੍ਹਾਂ ਦਾ ਪਤਾ ਨਹੀਂ ਹੈ। ਸੁਖਬੀਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਪੁੱਛਿਆ ਕਿ ਕੀ ਇਹ ਉਹੀ ਬਦਲਾਅ ਹੈ ਜਿਸ ਦਾ ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ।
ਮਾਨ ਸਰਕਾਰ ਨੇ ਪੰਜਾਬ ਵਿੱਚ 2 ਮਹੀਨੇ ਪੂਰੇ ਕੀਤੇ
ਮਾਨ ਸਰਕਾਰ ਨੇ ਸੋਮਵਾਰ ਨੂੰ ਪੰਜਾਬ 'ਚ ਦੋ ਮਹੀਨੇ ਪੂਰੇ ਕਰ ਲਏ ਹਨ। ਭਗਵੰਤ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਸਹੁੰ ਚੁੱਕ ਸਮਾਗਮ ਖਟਕੜ ਕਲਾਂ ਵਿੱਚ ਹੋਇਆ। ਹਾਲਾਂਕਿ ਇਸ ਤੋਂ ਬਾਅਦ ਵਿਰੋਧੀ ਧਿਰ ਨੇ ਪੰਜਾਬ 'ਚ ਨਸ਼ਿਆਂ, ਕਤਲਾਂ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ 'ਤੇ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।