ਨਸ਼ਿਆਂ ਵਿਰੁੱਧ ਲੜਾਈ 'ਚ ਹਰ ਵਿਅਕਤੀ ਅਪਣਾ ਯੋਗਦਾਨ ਪਾਉਣ ਲਈ ਆਵੇ ਅੱਗੇ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ
- ਸਿਵਲ ਸਰਜਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ
- ਜ਼ਿਲ੍ਹੇ ਦੇ ਨੌਜਵਾਨਾਂ ਨੂੰ ’ਨਸ਼ਿਆਂ ਨੂੰ ਕਹੋ ਨਾਂਹ’ ਦਾ ਦਿੱਤਾ ਸੁਨੇਹਾ
- ਨਸ਼ਾ ਵਿਰੋਧੀ ਜਨ ਚੇਤਨਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
- ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖਧਾਰਾ ਵਿੱਚ ਸ਼ਾਮਲ ਹੋਣ ਲਈ ਕੀਤਾ ਪ੍ਰੇਰਿਤ
ਨਵਾਂਸ਼ਹਿਰ, 26 ਜੂਨ 2022 - ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਮਾਜ ਵਿੱਚ ਸੁਨੇਹਾ ਦੇਣ ਲਈ ਸਿਹਤ ਵਿਭਾਗ ਨੇ ਅੱਜ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮੌਕੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਨ ਦੇ ਨਾਲ-ਨਾਲ ਸਿਵਲ ਸਰਜਨ ਦਫ਼ਤਰ ਤੋਂ ਨਸ਼ਾ ਵਿਰੋਧੀ ਜਨ ਚੇਤਨਾ ਸਾਈਕਲ ਰੈਲੀ ਕੱਢੀ। ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦਫ਼ਤਰ ਤੋਂ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਅੱਜ ਜਿੱਥੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਅਹਿਦ ਦਿਵਾਇਆ, ਉੱਥੇ ਨਾਲ ਹੀ ਸਥਾਨਕ ਨਿਊਸਿਟੀ ਸਾਈਕਲ ਕਲੱਬ, ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਈ ਗਈ ਨਸ਼ਾ ਵਿਰੋਧੀ ਜਨ ਚੇਤਨਾ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਵੀ ਕੀਤਾ।
ਇਸ ਦੌਰਾਨ ਸਿਵਲ ਸਰਜਨ ਡਾ ਦਵਿੰਦਰ ਢਾਂਡਾ ਨੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਨਸ਼ਾ ਰੋਗੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ "ਨਸ਼ਿਆਂ ਨੂੰ ਕਹੋ ਨਾਂਹ" ਦਾ ਸੁਨੇਹਾ ਦਿੰਦਿਆਂ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣ, ਕਿਉਂਕਿ ਨਸ਼ਿਆਂ ਦੇ ਆਦੀ ਹੋਣ ਨਾਲ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਖੜ੍ਹਾ ਹੋ ਸਕਦਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਜ਼ਿਲ੍ਹੇ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਢਣ ਵਿੱਚ ਇਕਜੁੱਟਤਾ ਦਿਖਾਈ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਵਿਆਪਕ ਪੱਧਰ 'ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ। ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੇ ਤਨ ਅਤੇ ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ।
ਡਾ. ਢਾਂਡਾ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ, ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਲੜਾਈ ਵਿਚ ਆਪੋ-ਅਪਣਾ ਯੋਗਦਾਨ ਪਾਉਣ ਲਈ ਅੱਗੇ ਆਈਏ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਾ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਦਿੰਦਾ ਹੈ, ਕਿਉਂਕਿ ਨਸ਼ੇ ਦਾ ਆਦੀ ਮਨੁੱਖ ਜਿੱਥੇ ਆਰਥਿਕ ਤੌਰ ਉੱਤੇ ਕਮਜ਼ੋਰ ਹੋ ਜਾਂਦਾ ਹੈ, ਉੱਥੇ ਸਮਾਜਿਕ ਤੌਰ ਉੱਤੇ ਹੀਣਭਾਵਨਾ ਦਾ ਸ਼ਿਕਾਰ ਹੋ ਕੇ ਮਾਨਸਿਕ ਪ੍ਰੇਸ਼ਾਨੀ ਵਿੱਚ ਉਲਝ ਕੇ ਰਹਿ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਵਿਅਕਤੀ ਦੇ ਸਰੀਰ ਉੱਤੇ ਵੀ ਮਾੜਾ ਅਸਰ ਪੈਂਦਾ ਹੈ। ਨਸ਼ਿਆਂ ਦੇ ਖਾਤਮੇ ਲਈ ਆਰੰਭੇ ਗਏ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਸਾਨੂੰ ਸਭ ਨੂੰ ਅੱਗੇ ਆ ਕੇ ਨਸ਼ੇ ਦੇ ਖਿਲਾਫ਼ ਲੜਾਈ ਲੜਨੀ ਚਾਹੀਦੀ ਹੈ, ਕਿਉਂਕਿ ਨਸ਼ਿਆਂ ਦੀ ਇਹ ਅੱਗ ਜੋ ਅੱਜ ਕਿਸੇ ਹੋਰ ਦੇ ਘਰ ਲੱਗੀ ਹੋਈ ਹੈ, ਕੱਲ ਨੂੰ ਸਾਡੇ ਆਪਣੇ ਘਰ ਤੱਕ ਵੀ ਪਹੁੰਚ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਰੋਗੀਆਂ ਨੂੰ ਨਸ਼ੇੜੀ ਕਹਿ ਕੇ ਬੁਲਾਉਣਾ ਗਲਤ ਹੈ, ਜਿਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਨਸ਼ਾ ਮੁਕਤ ਭਾਰਤ ਅਭਿਆਨ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਅਨੇਕਾਂ ਨੌਜਵਾਨਾਂ ਦੀ ਨਸ਼ੇ ਦੀ ਮਾੜੀ ਆਦਤ ਛੁਡਵਾ ਕੇ ਉਨ੍ਹਾਂ ਨੂੰ ਜ਼ਿੰਦਗੀ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਵੀ ਦੱਸਿਆ ਕਿ ਨਸ਼ਾ ਇਕ ਰੋਗ ਹੈ ਜਿਸ ਦਾ ਇਲਾਜ ਸੰਭਵ ਹੈ।
ਇਸੇ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਨੇ ਵੀ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਾਹਰ ਕੱਢਿਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ 'ਤੇ ਵਧ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਮੈਡੀਕਲ ਲੈਬ ਟੈਕਨੀਸ਼ੀਅਨ ਕਮਲਦੀਪ ਸਿੰਘ, ਰਾਜਨ ਅਰੋੜਾ, ਲਾਡੀ ਵਰਮਾ, ਰਜਿੰਦਰ ਕੌਸਲ, ਦਲਜੀਤ ਸਿੰਘ ਕੌਸਲ, ਅਭਿਨਵ ਕੌਸਲ, ਕਰਨੈਲ ਸਿੰਘ, ਵਿਪਨ, ਇਕਮਨ ਅਤੇ ਸੰਜੂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।