ਪਿੰਡ ਘੋਗਰਾ, ਢੋਲਵਾਹਾ ਤੇ ਸ਼ਾਮਚੁਰਾਸੀ ’ਚ ਦੁਬਾਰਾ ਸ਼ੁਰੂ ਕੀਤੇ ਗਏ ਸੇਵਾ ਕੇਂਦਰ
ਹੁਸ਼ਿਆਰਪੁਰ, 27 ਜੂਨ 2022 :
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਲੋਕਾਂ ਤੱਕ ਬੇਹਤਰ ਨਾਗਰਿਕ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹੇ ਦੇ 3 ਸੇਵਾ ਕੇਂਦਰਾਂ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਪਿੰਡ ਘੋਗਰਾ, ਪਿੰਡ ਢੋਲਵਾਹਾ ਤੇ ਸ਼ਾਮਚੁਰਾਸੀ ਦੇ ਸੇਵਾ ਕੇਂਦਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ 3 ਸੇਵਾ ਕੇਂਦਰਾਂ ਨੂੰ ਮਿਲਾ ਕੇ ਜ਼ਿਲ੍ਹੇ ਵਿਚ 28 ਸੇਵਾ ਕੇਂਦਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਦੇਣ ਦਾ ਕੰਮ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਲਈ ਸਰਕਾਰ ਵਲੋਂ ਸਮੇਂ-ਸਮੇਂ ’ਤੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 425 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੁਵਿਧਾ ਨੂੰ ਦੇਖਦੇ ਹੋਏ ਸੇਵਾ ਕੇਂਦਰ ਪੂਰਾ ਹਫ਼ਤਾ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ, ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਲੈਣ ਦੀ ਅਪੀਲ ਕੀਤੀ।