ਅਧਿਕਾਰੀ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ : ਅਮਨ ਅਰੋੜਾ
ਦਲਜੀਤ ਕੌਰ ਭਵਾਨੀਗੜ੍ਹ
ਸੁਨਾਮ ਊਧਮ ਸਿੰਘ ਵਾਲਾ, 09 ਅਗਸਤ, 2022 : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਰੈਸਟ ਹਾਊਸ ਸੁਨਾਮ ਊਧਮ ਸਿੰਘ ਵਾਲਾ ਵਿਖੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਸਰਵੋਤਮ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਕੰਮਕਾਜ ਕਰਵਾਉਣ ਲਈ ਆਉਂਦੇ ਲੋਕਾਂ ਦੀ ਕਿਸੇ ਵੀ ਪੱਧਰ ਉੱਤੇ ਖੱਜਲਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਅਰੋੜਾ ਨੇ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਸੁਨਾਮ ਦੇ ਵਿਕਾਸ ਕਾਰਜਾਂ ਲਈ ਵਿਸਥਾਰਤ ਰੂਪ ਰੇਖਾ ਉਲੀਕਦਿਆਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਨੂੰ ਸਰਵਪੱਖੀ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਲਗਾਤਾਰ ਕਾਰਜਸ਼ੀਲ ਹੈ ਅਤੇ ਇਸ ਮਾਮਲੇ ਵਿੱਚ ਕੋਈ ਅਣਗਹਿਲੀ ਅਮਲ ਵਿੱਚ ਨਾ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹਲਕੇ ਦੀ ਨੁਹਾਰ ਸੰਵਾਰਨ ਲਈ ਉਹ ਲਗਾਤਾਰ ਸਰਗਰਮ ਹਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪ੍ਰਮੁੱਖਤਾ ਨਾਲ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੀਟਿੰਗ ਦੌਰਾਨ ਐੱਸਡੀਐੱਮ ਸੁਨਾਮ ਜਸਪ੍ਰਰੀਤ ਸਿੰਘ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ, ਡੀਐੱਸਪੀ ਭਰਪੂਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।