ਸੂਬੇ ਭਰ ਦੇ ਖਜ਼ਾਨਾ ਦਫਤਰਾਂ ਅੱਗੇ ਧਰਨਿਆਂ ਦਾ ਐਲਾਨ
*ਸੂਬਾ ਸਰਕਾਰ ਤਨਖਾਹਾਂ ਦੇਣ ਤੋਂ ਵੀ ਭੱਜੀ L ਡੈਮੋਕ੍ਰੈਟਿਕ ਟੀਚਰਜ਼ ਫਰੰਟ
ਮੁਹਾਲੀ, 5 ਜੁਲਾਈ 2025 : ਇੱਕ ਪਾਸੇ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਮਾਲੀਏ ਵਿੱਚ ਵੱਡੇ ਵਾਧੇ ਦੇ ਦਮਗਜੇ ਮਾਰੇ ਜਾ ਰਹੇ ਹਨ ਸੂਬੇ ਦੇ ਖਜ਼ਾਨੇ ਦੀ ਵਿੱਤੀ ਹਾਲਤ ਮਜ਼ਬੂਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਅਤੇ ਸਿੱਖਿਆ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਅਧਿਆਪਕ ਆਪਣੀ ਸੇਵਾ ਮੁਕਤੀ ਦੇ ਲਾਭ ਲੈਣ ਲਈ ਤਰਸ ਰਹੇ ਹਨ। ਪ੍ਰਤੀਨਿਧ ਅਧਿਆਪਕ ਜੱਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾਂ, ਤਲਵਿੰਦਰ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਦੀ ਵਿੱਤੀ ਐਮਰਜੈਂਸੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਰ. ਬੀ.ਆਈ.ਤੋਂ 8500 ਕਰੋੜ ਦਾ ਕਰਜਾ ਲੈਣ ਵਾਲੀ ਸੂਬਾ ਸਰਕਾਰ ਇਸ ਤੋਂ ਬਿਨਾਂ ਹਰ ਮਹੀਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੋਂ ਵਿਕਾਸ ਟੈਕਸ ਦੇ ਨਾਮ ਤੇ 200 ਰੁਪਏ ਪ੍ਰਤੀ ਮਹੀਨਾ ਜਜੀਏ ਦੀ ਉਗਰਾਹੀ ਕਰਨ ਦੇ ਬਾਵਜੂਦ ਵੀ ਵਿੱਤੀ ਮੁਹਾਜ਼ ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ।
ਉਨ੍ਹਾਂ ਕਿਹਾ ਕਿ ਫੋਕੀ ਇਸ਼ਤਿਹਾਰਬਾਜ਼ੀ ਦੇ ਸਹਾਰੇ ਵਾਹ ਵਾਹ ਖੱਟਣ ਵਾਲੀ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 31 ਮਾਰਚ ,30 ਅਪ੍ਰੈਲ ਅਤੇ 31 ਮਈ ਨੂੰ ਸੇਵਾ ਮੁਕਤ ਹੋਏ ਅਧਿਆਪਕਾਂ ਨੂੰ ਸਰਕਾਰੀ ਖਜ਼ਾਨੇ ਵਿਚੋਂ ਫੁੱਟੀ ਕੌਡੀ ਵੀ ਜਾਰੀ ਨਹੀਂ ਕੀਤੀ ਗਈ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰਨ ਦੀ ਪੈਰਵਾਈ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਹਾਲੇ ਤੱਕ ਸਾਰੇ ਅਧਿਆਪਕਾਂ ਨੂੰ ਜੂਨ ਮਹੀਨੇ ਦੀ ਤਨਖਾਹ ਵੀ ਜਾਰੀ ਨਹੀਂ ਕੀਤੀ ਗਈ ਅਧਿਆਪਕਾਂ ਨੂੰ ਤਨਖਾਹਾਂ ਲੈਣ ਲਈ ਵੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।। ਮੈਡੀਕਲ ਪ੍ਰਤੀਪੂਰਤੀ, ਜੀ.ਪੀ.ਐੱਫ. ਫਾਈਨਲ ਪੇਮੈਟ, ਜੀ. ਪੀ.ਐੱਫ.ਅਡਵਾਂਸ, ਇੱਥੋਂ ਤੱਕ ਕਿ ਮੌਤ ਹੋਣ ਦੀ ਹਾਲਤ ਵਿੱਚ ਦਿੱਤੀ ਜਾਣ ਵਾਲੀ ਐਕਸਗਰੇਸ਼ੀਆ ਦੇ ਬਿੱਲ ਵੀ ਖਜ਼ਾਨਾ ਦਫਤਰਾਂ ਵਿਚ ਰੁਲ ਰਹੇ ਹਨ। ਅਧਿਆਪਕ ਆਗੂਆਂ ਕਿਹਾ ਕਿ ਵਿੱਤੀ ਰੋਕਾਂ ਖ਼ਿਲਾਫ਼ 8 ਜੁਲਾਈ ਨੂੰ ਸੂਬੇ ਭਰ ਦੇ ਖਜ਼ਾਨਾ ਦਫਤਰਾਂ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਆਪਕ ਵਰਗ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।