ਮਨਜਿੰਦਰ ਸਿੰਘ ਸਿਰਸਾ ਨੇ ਗੁਰਪੁਰਬ ’ਤੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕੀਤਾ ਧੰਨਵਾਦ
ਸਿੱਖਾਂ ਨੂੰ ਸਮੇਂ ਸਿਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਕੀਤੀ ਅਪੀਲ ਤਾਂ ਜੋ ਜਲਦੀ ਪ੍ਰਵਾਨਗੀ ਮਿਲ ਸਕੇ
ਚੰਡੀਗੜ੍ਹ, 2 ਅਕਤੂਬਰ: ਦਿੱਲੀ ਦੇ ਕੈਬਨਿਟ ਮੰਤਰੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦੀ ਹਨ ਜਿਹਨਾਂ ਨੇ ਸਿੱਖ ਭਾਵਨਾਵਾਂ ਦਾ ਸਤਿਕਾਰ ਕੀਤਾ ਅਤੇ ਗੁਰਪੁਰਬ ਦੇ ਪਵਿੱਤਰ ਮੌਕੇ ਜੱਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਭੇਜਣ ਦੀ ਪ੍ਰਵਾਨਗੀ ਦਿੱਤੀ। ਉਹਨਾਂ ਕਿਹਾ ਕਿ ਇਹ ਫੈਸਲਾ ਸਿੱਖਾਂ ਦੇ ਵਿਸ਼ਵਾਸ, ਪਛਾਣ ਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੈ। ਉਹਨਾਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਦੇ ਬਾਵਜੂਦ ਪ੍ਰਧਾਨ ਮੰਤਰੀ ਨੇ ਇਕ ਵਾਰ ਫਿਰ ਤੋਂ ਦਰਸਾਇਆ ਹੈ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਅਤੇ ਯਕੀਨੀ ਬਣਾਉਂਦੇ ਹਨ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ।
ਉਹਨਾਂ ਇਹ ਵੀ ਕਿਹਾ ਕਿ ਇਸ ਫੈਸਲੇ ਲਈ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕਰਦੇ ਹਨ ਜਿਸ ਨਾਲ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਸ਼ਰਧਾਲੂ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ।
ਉਹਨਾਂ ਨੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ ਆਪਣੇ ਦਸਤਾਵੇਜ਼ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਉਹਨਾਂ ਦੇ ਨਾਵਾਂ ਨੂੰ ਛੇਤੀ ਪ੍ਰਵਾਨਗੀ ਮਿਲ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਸਮੇਤ ਹੋਰ ਸਿੱਖ ਸੰਸਥਾਵਾਂ ਵੱਲੋਂ ਭੇਜੇ ਨਾਵਾਂ ਨੂੰ ਪ੍ਰਵਾਨਗੀ ਗ੍ਰਹਿ ਮੰਤਰਾਲੇ ਵੱਲੋਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਦਸਤਾਵੇਜ਼ 22 ਅਕਤੂਬਰ ਤੱਕ ਜਮ੍ਹਾਂ ਕਰਵਾਏ ਜਾਣ ਤਾਂ ਜੋ ਗ੍ਰਹਿ ਮੰਤਰਾਲਾ ਸਮੇਂ ਸਿਰ ਪ੍ਰਵਾਨਗੀ ਦੇ ਸਕੇ।
ਉਹਨਾਂ ਇਹ ਵੀ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਫੈਸਲੇ ਤੋਂ ਪਹਿਲਾਂ ਹੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਯੂ.ਪੀ. ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਜਾਣੂ ਕਰਵਾ ਦਿੱਤਾ ਹੈ।