ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਆਯੋਜਿਤ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 10 ਅਕਤੂਬਰ,2025
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ 12 ਅਕਤੂਬਰ, 2025 ਤੋਂ ਸ਼ੁਰੂ ਹੋ ਰਹੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਨਵਾਂਸ਼ਹਿਰ ਸ਼ਹਿਰੀ ਖੇਤਰ ਵਿੱਚ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਭਾਵੇਂ ਪਿਛਲੇ 14 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕਿਹਾ ਕਿ 0 ਤੋਂ 5 ਸਾਲ ਦੇ ਬੱਚਿਆਂ ਦੇ ਮਾਪਿਆਂ ਵਿੱਚ ਜਾਗਰੂਕਤਾ ਫੈਲਾਉਣ ਲਈ ਰੈਲੀ ਕੱਢੀ ਜਾ ਰਹੀ ਹੈ ਤਾਂ ਜੋ 0 ਤੋਂ 5 ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਕਿਹਾ ਕਿ ਭਾਵੇਂ ਬੱਚਾ ਬਿਮਾਰ ਹੋਵੇ, ਦਵਾਈ ਪਹਿਲਾਂ ਪੀਤੀ ਹੋਈ ਹੋਵੇ ਜਾਂ ਬੱਚਾ ਨਵ ਜੰਮਿਆਂ ਹੋਵੇ ਤਾਂ ਵੀ ਉਹ ਬੱਚੇ ਨੂੰ ਪੋਲੀਓ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ, ਕਿਉਂਕਿ ਪੋਲੀਓ ਵੈਕਸੀਨ ਬੱਚੇ ਨੂੰ ਜੀਵਨ ਭਰ ਸੁਰੱਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਆਪਣੇ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਰਣਜੀਤ ਕੌਰ, ਤਰਸੇਮ ਲਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਜੋਗਿੰਦਰ ਪਾਲ, ਈ.ਪੀ.ਆਈ. ਸਹਾਇਕ ਸੁਸ਼ੀਲ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਸੰਧੂ ਨਰਸਿੰਗ ਕਾਲਜ ਦੀਆਂ ਨਰਸਿੰਗ ਵਿਦਿਆਰਥਣਾਂ ਮੌਜੂਦ ਸਨ।