ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ : ਰਾਜਪਾਲ ਗੁਲਾਬ ਚੰਦ ਕਟਾਰੀਆ
ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਜਾਇਬ ਘਰ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਟ
ਪੰਜਾਬੀਆਂ ਨੇ ਹੜ੍ਹਾਂ ਮੌਕੇ ਅਪਣੱਤ, ਭਾਈਚਾਰੇ ਅਤੇ ਭਰਵੀਂ ਮਦਦ ਨਾਲ ਪ੍ਰੇਰਨਾ ਦੀ ਨਵੀਂ ਮਿਸਾਲ ਕਾਇਮ ਕੀਤੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 11 ਅਕਤੂਬਰ,2025
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਸਮੇਤ ਸਥਾਨਕ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਜਾਇਬ ਘਰ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਜਾਇਬ ਘਰ ਵਿਖੇ ਪਹੁੰਚਣ ‘ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹੀਦ-ਏ-ਆਜਮ ਦੀ ਸਮਾਧ ਅਤੇ ਫਿਰ ਉਨ੍ਹਾਂ ਦੇ ਬੁੱਤ ‘ਤੇ ਫੁੱਲ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਨੂੰ ਨਵੀਂ ਦਿਸ਼ਾ ਦਿੱਤੀ ਜਿਸ ਦੇ ਸਿੱਟੇ ਵਜੋਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਚਿਨਗ ਹੋਰ ਤੇਜ਼ ਹੋਈ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਦੇਸ਼ ਖਾਤਰ ਫਾਂਸੀ ਦੇ ਰੱਸੇ ਚੁੰਮਣੇ ਪਏ ਪਰ ਉਨ੍ਹਾਂ ਦੀ ਲਾਮਿਸਾਲ ਕੁਰਬਾਨੀ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੇ ਜਜ਼ਬੇ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਤੇ ਇਸ ਉੋਪਰੰਤ ਹੋ ਰਹੀ ਬੇਮਿਸਾਲ ਤਰੱਕੀ ਵਿੱਚ ਮੁੱਢਲਾ ਯੋਗਦਾਨ ਸਾਡੇ ਮਹਾਨ ਸ਼ਹੀਦਾਂ ਦਾ ਹੈ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਦਾ ਪਿੜ ਬੰਨਿਆ ਸੀ।
ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਰਾਜਪਾਲ ਨੇ ਕਿਹਾ ਕਿ ਸੂਬੇ ਸਾਹਮਣੇ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਅਤੇ ਨਸ਼ੇ ਵੱਡੀਆਂ ਚੁਣੌਤੀਆਂ ਹਨ ਜਿਨ੍ਹਾਂ ਵਿਚੋਂ ਉੱਭਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਪੰਜਾਬੀਆਂ ਵੱਲੋਂ ਸੰਕਟ ‘ਚ ਘਿਰੇ ਲੋਕਾਂ ਲਈ ਦਿਖਾਈ ਅਪਣੱਤ , ਆਪਸੀ ਭਾਈਚਾਰਾ, ਹਰ ਪੱਖੋਂ ਭਰਵੀਂ ਮਦਦ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਲੀਹ ‘ਤੇ ਲਿਆਉਣ ਲਈ ਕੀਤੇ ਗਏ ਉਪਰਾਲੇ ਸਾਰਿਆਂ ਲਈ ਵੱਡੀ ਪ੍ਰੇਰਨਾ ਹੈ ਜਿਸ ਨਾਲ ਪੰਜਾਬੀਅਤ ਦਾ ਝੰਡਾ ਹੋਰ ਬੁਲੰਦ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਾਇਆ ਜਾ ਰਿਹਾ ਹੈ ਅਤੇ ਜਲਦ ਹੀ ਵਿੱਤੀ ਮਦਦ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪ੍ਰਸ਼ਾਸਨ, ਭਾਰਤੀ ਫੌਜ ਅਤੇ ਪੰਜਾਬ ਪੁਲਿਸ ਨੇ ਵੀ ਮੋਹਰੀ ਭੂਮਿਕਾ ਨਿਭਾਈ ਜਿਸ ਵਿੱਚ ਪੰਜਾਬੀਆਂ ਨੇ ਵੀ ਮੋਢੇ ਨਾਲ ਮੋਢਾ ਲਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ।
ਖਟਕੜ ਕਲਾਂ ਪਹੁੰਚਣ ਤੋਂ ਪਹਿਲਾਂ ਰਾਜਪਾਲ ਅਤੇ ਉਨ੍ਹਾਂ ਦੀ ਪਤਨੀ ਨੇ ਨਵਾਂਸ਼ਹਿਰ ਵਿਖੇ ਜੈਨ ਸਥਾਨਕ ਵਿਖੇ ਪਹੁੰਚ ਕੇ ਪ੍ਰਵਚਨ ਸੁਣੇ ਅਤੇ ਆਸ਼ੀਰਵਾਦ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ. ਮਹਿਤਾਬ ਸਿੰਘ ਤੋਂ ਇਲਾਵਾ ਕਈ ਸ਼ਖ਼ਸੀਅਤਾਂ ਹਾਜ਼ਰ ਸਨ।