MLA ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ
ਰੋਹਿਤ ਗੁਪਤਾ
ਬਟਾਲਾ, 18 ਅਕਤੂਬਰ ਬਟਾਲਾ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਪਿੰਡ ਠੀਕਰੀਵਾਲ ਸਰਨ ਵਿਖੇ ਲਿੰਕ ਸੜਕ ਫਿਰਨੀ ਬਣਾਉਣ ਦਾ ਉਦਘਾਟਨ ਕੀਤਾ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਸੜਕਾਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਪਿੰਡਾਂ ਦੀਆਂ ਗਲੀਆਂ ਅਤੇ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਨੌਜਵਾਨਾਂ ਦੇ ਖੇਡਣ ਲਈ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸੜਕ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।