ਅਮਨ ਅਰੋੜਾ ਵੱਲੋਂ ਛੱਠ ਪੂਜਾ ਦੇ ਤਿਉਹਾਰ ਮੌਕੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 27 ਅਕਤੂਬਰ 2025: ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਸਥਾਨਕ ਸ਼ਹਿਰ ਅੰਦਰ ਮਨਾਏ ਗਏ ਛੱਠ ਪੂਜਾ ਦੇ ਪਾਵਨ ਪਵਿੱਤਰ ਤਿਉਹਾਰ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਮੇਅਰ ਪਦਮਜੀਤ ਮਹਿਤਾ, ਚੇਅਰਮੈਨ ਨੀਲ ਗਰਗ ਅਤੇ ਚੇਅਰਮੈਨ ਨਵਦੀਪ ਸਿੰਘ ਜੀਦਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀਆਂ।
ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਦੀਆਂ ਪ੍ਰਵਾਸੀ ਭਾਈਚਾਰੇ ਨੂੰ ਜਿੱਥੇ ਵਧਾਈਆਂ ਦਿੱਤੀਆਂ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਉਨਾਂ ਪ੍ਰਵਾਸੀ ਭਾਈਚਾਰੇ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਮੁਹਈਆ ਕਰਵਾਈ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਛੱਠ ਪੂਜਾ ਪਿਆਰ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਲਿਆਵੇ ਅਤੇ ਛੱਠ ਮਾਤਾ ਸਾਰਿਆਂ 'ਤੇ ਆਪਣਾ ਅਸ਼ੀਰਵਾਦ ਬਣਾਈ ਰੱਖੇ।
ਇਸ ਦੌਰਾਨ ਅਮਨ ਅਰੋੜਾ ਨੇ ਨਹਿਰ ਦਾ ਜਾਇਜਾ ਲਿਆ ਅਤੇ ਨਗਰ ਨਿਗਮ ਵਲੋਂ ਪੂਜਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਰਹਿੰਦ ਨਹਿਰ 'ਤੇ ਬਣਾਈਆਂ ਵੱਡੀਆਂ ਪੌੜੀਆਂ 'ਤੇ ਵੀ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।