SGPC ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 4 ਨਵੰਬਰ-
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਅਰਦਾਸ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਜਥੇ ਨਾਲ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲ, ਡਿਪਟੀ ਲੀਡਰ ਵਜੋਂ ਸ. ਗੁਰਮੀਤ ਸਿੰਘ ਬੂਹ, ਸ. ਰਾਮਪਾਲ ਸਿੰਘ ਬਹਿਣੀਵਾਲ ਅਤੇ ਜਨਰਲ ਪ੍ਰਬੰਧਕ ਸੁਪਰਵਾਈਜ਼ਰ ਸ. ਨਿਸ਼ਾਨ ਸਿੰਘ ਸ਼ਾਮਲ ਹਨ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਸਿੱਖ ਦੇ ਮਨ ਦੀ ਰੀਝ ਹੈ ਕਿ ਉਹ ਪਾਕਿਸਤਾਨ ਸਥਿਤ ਆਪਣੇ ਗੁਰਧਾਮਾਂ ਦੇ ਦਰਸ਼ਨ ਕਰੇ। ਉਨ੍ਹਾਂ ਸਰਕਾਰਾਂ ਨੂੰ ਜਿਥੇ ਜਥਿਆਂ ਨੂੰ ਬੇਰੋਕ ਜਾਰੀ ਰੱਖਣ ਲਈ ਆਖਿਆ, ਉਥੇ ਹੀ ਖੁਲ੍ਹਦਿਲੀ ਨਾਲ ਵੀਜੇ ਦੇਣ ਦੀ ਅਪੀਲ ਵੀ ਕੀਤੀ। ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਕੇਵਲ ਲਾਂਘਾ ਹੀ ਨਹੀਂ, ਸਗੋਂ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਦਿਲਾਂ ਦੀ ਸ਼ਾਂਝ ਵੀ ਹੈ ਜਿਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਵਿਸ਼ਵ ਭਰ ਵਿਚ ਅਮਨ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 1796 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 5 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ
ਇਸੇ ਦੌਰਾਨ ਜਥੇ ਦੇ ਆਗੂ ਬੀਬੀ ਗੁਰਿੰਦਰ ਕੌਰ ਭੋਲੂਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥੇ ਦੀ ਅਗਵਾਈ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦੇ ਮਨ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦੀ ਰੀਝ ਹੈ ਅਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਸ਼ਰਧਾਲੂਆਂ ਨੂੰ ਵੱਧ ਤੋਂ ਵੱਧ ਵੀਜੇ ਦੇਣ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਫੁੰਮਣ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਸਮੇਤ ਸੰਗਤਾਂ ਮੌਜੂਦ ਸਨ।