ਬਠਿੰਡਾ : ਡਿਪਟੀ ਕਮਿਸ਼ਨਰ ਤੇ SSP ਵੱਲੋਂ ਪਰਾਲੀ ਦੇ ਮੁਕੰਮਲ ਹੱਲ ਲਈ ਵੱਖ-ਵੱਖ ਪਿੰਡਾਂ ਦਾ ਕੀਤਾ ਗਿਆ ਦੌਰਾ
ਅਸ਼ੋਕ ਵਰਮਾ
ਬਠਿੰਡਾ, 6 ਨਵੰਬਰ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਅਮਨੀਤ ਕੌਂਡਲ ਨੇ ਜ਼ਿਲ੍ਹੇ ਦੇ ਪਿੰਡ ਭੁੱਚੋ ਕਲਾਂ, ਪੂਹਲੀ ਤੇ ਪੂਹਲਾ ਸਮੇਤ ਅਤੇ ਹੋਰ ਵੱਖਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਥੇ ਉਤਸ਼ਾਹਿਤ ਕੀਤਾ ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ।
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਪਿੰਡਾਂ ਦੇ ਕਿਸਾਨਾਂ ਨਾਲ ਖੇਤਾਂ ਵਿੱਚ ਜਾ ਕੇ ਗੱਲਬਾਤ ਕਰਦਿਆ ਪਰਾਲੀ ਦੀ ਸੰਭਾਲ ਲਈ ਜਾਗਰੂਕ ਕੀਤਾ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਕੋਲੋਂ ਪਰਾਲੀ ਦੀ ਸੁਚੱਜੀ ਸਾਂਭਸੰਭਾਲ ਕਰਨ ਲਈ ਆਧੁਨਿਕ ਮਸ਼ੀਨਰੀ ਲੈ ਸਕਦੇ ਹਨ।