ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਸਰਕਾਰ ਨਾਕਾਮ: ਪੀ.ਪੀ.ਪੀ.ਐੱਫ਼.
ਪ੍ਰਮੋਦ ਭਾਰਤੀ
ਨਵਾਂਸ਼ਹਿਰ 08 ਨਵੰਬਰ 2025
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨਵਾਂਸ਼ਹਿਰ ਇਕਾਈ ਵਲੋਂ ਪੁਰਾਣੀ ਪੈਨਸ਼ਨ ਉਪਰ ਸਥਾਨਕ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਨਵੈਂਸ਼ਨ ਕੀਤੀ ਗਈ। ਜਿਸ ਵਿੱਚ ਡੀ ਟੀ ਐੱਫ ਦੇ ਸਾਬਕਾ ਜ਼ਿਲਾ ਪ੍ਰਧਾਨ ਬਲਵੀਰ ਕੁਮਾਰ ਨੇ ਪੁਰਾਣੀ ਪੈਨਸ਼ਨ , ਐਨ ਪੀ ਐਸ ਅਤੇ ਯੂ ਪੀ ਐਸ ਸਬੰਧੀ ਵਿਚਾਰਾਂ ਦੀ ਸਾਂਝ ਪਾਈ ਅਤੇ ਸਵਾਲਾਂ ਦੇ ਜਵਾਬ ਦਿੱਤੇ । ਉਪਰੰਤ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਬੁਲਾਰਿਆਂ ਵਲੋਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਵਿੱਚ ਸਿਰਫ਼ ਇੱਕ ਸਾਲ ਬਾਕੀ ਬਚਿਆ ਹੈ, ਪਰ ਸਰਕਾਰ ਤਿੰਨ ਸਾਲ ਪਹਿਲਾਂ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਆਪਣਾ ਹੀ ਨੋਟੀਫਿਕੇਸ਼ਨ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਜਿਸ ਕਾਰਣ ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ “ਕਾਗਜ਼ੀ ਨੋਟੀਫਿਕੇਸ਼ਨ” ਜਾਰੀ ਕਰਕੇ ਲਾਗੂ ਕਰਨ ਤੋਂ ਪਿੱਛੇ ਹਟ ਗਈ ਹੈ। ਇਸ ਲਈ ਫਰੰਟ ਨੇ ਆਪ ਸਰਕਾਰ ਦੇ ਵਿਰੋਧ ਵਿੱਚ ਡੀ ਸੀ ਦਫਤਰ ਮੂਹਰੇ ਰੋਸ ਮੁਜਾਹਰਾ ਕਰਕੇ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਅਤੇ ਪੁਤਲਾ ਸਾੜਿਆ ਗਿਆ।
ਇਸ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਫ਼ਰੰਟ ਦੇ ਸੂਬਾ ਵਿੱਤ ਸਕੱਤਰ ਜਸਵਿੰਦਰ ਔਜਲਾ, ਜ਼ਿਲ੍ਹਾ ਕਨਵੀਨਰ ਰਣਵੀਰ ਸਿੰਘ, ਡੀ ਟੀ ਐਫ ਦੇ ਸੂਬਾ ਪ੍ਚਾਰ ਸਕੱਤਰ ਸੁਖਦੇਵ ਡਾਨਸੀਵਾਲ ਹੁਸ਼ਿਆਰਪੁਰ, ਡੀ.ਟੀ.ਐੱਫ਼. ਦੇ ਜ਼ਿਲ੍ਹਾ ਮੀਤ ਪ੍ਰਧਾਨ ਅਜੇ ਚਾਹੜ ਮਜਾਰਾ ਤੇ ਸ਼ੰਕਰ ਦਾਸ ਨੇ ਕਿਹਾ ਕਿ ਸੂਬੇ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਨਕਾਮ ਰਹੀ ਭਗਵੰਤ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਨੂੰ ਲੈ ਕੇ ਸੂਬੇ ਦੇ ਮੁਲਾਜ਼ਮਾਂ ਵਿੱਚ ਤਿੱਖੀ ਨਰਾਜ਼ਗੀ ਹੈ ਕਿਉਂਕਿ ਸਰਕਾਰ ਨੇ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਪਰ ਨੋਟੀਫਿਕੇਸ਼ਨ ਜਾਰੀ ਹੋਣ ਦੇ ਤਿੰਨ ਸਾਲ ਬੀਤਣ ਮਗਰੋਂ ਵੀ ਇੱਕ ਵੀ ਐੱਨ.ਪੀ.ਐੱਸ. ਮੁਲਾਜ਼ਮ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲਿਆ ਹੈ। ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਐਲਾਨ ਕੇਵਲ ਅਖ਼ਬਾਰੀ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਹੀ ਸੀਮਤ ਹੈ ਅਤੇ ਇਸ ਤੋਂ ਵੀ ਅੱਗੇ ਵੱਧਦਿਆਂ ਹੁਣ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਮੁਲਾਜ਼ਮ ਮਾਮਲਿਆਂ ਨੂੰ ਲੈ ਕੇ ਗਠਿਤ ਕੈਬਨਿਟ ਸਬ ਕਮੇਟੀ ਸੂਬੇ ਦੀ ਮਾੜੀ ਵਿੱਤੀ ਹਾਲਤ ਨੂੰ ਬਹਾਨਾ ਬਣਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਬਜਾਏ ਕੇਂਦਰੀ ਯੂ.ਪੀ.ਐੱਸ. ਸਕੀਮ ਨੂੰ ਥੋਪਣ ਦੀ ਤਿਆਰੀ ਵਿੱਚ ਹਨ। ਜਿਸਨੂੰ ਮੁਲਾਜ਼ਮਾਂ ਨੇ ਧੁਰੋਂ ਨਕਾਰ ਦਿੱਤਾ ਹੈ। ਉਹਨਾਂ ਕੇਂਦਰੀ ਮੋਦੀ ਹਕੂਮਤ ਦੀ ਪੁਰਾਣੀ ਪੈਨਸ਼ਨ ਵੱਲ ਵੱਧਣ ਵਾਲੇ ਸੂਬਿਆਂ ਦੀ ਆਰਥਿਕ ਘੇਰਾਬੰਦੀ ਕਰਕੇ ਸੂਬਾ ਸਰਕਾਰਾਂ ਨੂੰ ਪੁਰਾਣੀ ਪੈਨਸ਼ਨ ਤੋਂ ਪਿੱਛੇ ਹੱਟਣ ਲਈ ਮਜਬੂਰ ਕਰਨ ਦੀ ਬਾਂਹ ਮਰੋੜਨ ਵਾਲ਼ੀ ਨੀਤੀ ਦੀ ਵੀ ਸਖ਼ਤ ਨਿਖੇਧੀ ਕੀਤੀ ਹੈ।
ਧਰਨੇ ਨੂੰ ਸੰਬੋਧਨ ਕਰਦਿਆਂ ਜੁਆਇੰਟ ਸਕੱਤਰ ਸਤਨਾਮ ਮੀਰਪੁਰੀ , ਪ੍ਰੈਸ ਸਕੱਤਰ ਚੰਦਰ ਸ਼ੇਖਰ ਅਤੇ ਵਿੱਤ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਆਪ ਸਰਕਾਰ ਦੀ ਪੈਨਸ਼ਨ ਲਾਗੂ ਕਰਨ ਦੀ ਨਾਕਾਮੀ ਖ਼ਿਲਾਫ਼ ਫ਼ਰੰਟ ਵੱਲੋਂ ਐੱਨ.ਪੀ.ਐੱਸ ਮੁਲਾਜਮਾਂ ਨੂੰ ਤਿੱਖੇ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ਅਤੇ ਹਮਖਿਆਲੀ ਜਥੇਬਦੀਆਂ ਨੂੰ ਨਾਲ਼ ਲੈ ਕੇ ਅਗਲੇ ਦਿਨਾਂ ਵਿੱਚ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਲੋਕ ਲਹਿਰ ਉਸਾਰੀ ਜਾਵੇਗੀ। ਰੋਸ ਧਰਨੇ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਜਗਦੀਪ ਸੈਂਪਲੇ,ਭੁਪਿੰਦਰ ਸੜੋਆ, ਵਿਨਾਇਕ ਲਖਨਪਾਲ, ਬਲਵੀਰ ਭੁੱਲਰ, ਕੁਲਦੀਪ ਜੇਠੂਮਜਾਰਾ, ਮੁਲਖ ਰਾਜ ਸ਼ਰਮਾ,ਰਾਜ ਕੁਮਾਰ, ਸੁਖਜਿੰਦਰ ਰਾਮ, ਸੁਰਿੰਦਰ, ਸਰਬਜੀਤ ਸਿੰਘ, ਜਸਵੀਰ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਖਟਕੜ, ਮੈਡਮ ਅਮਨਦੀਪ ਕੌਰ,ਜਸਵਿੰਦਰ ਕੌਰ, ਮੋਨਿਕਾ, ਹਰਵਿੰਦਰ ਕੌਰ, ਸਰਬਜੀਤ ਕੌਰ, ਦਿਲਬਾਗ ਰਾਮ,ਰੌਸ਼ਨ ਲਾਲ,ਮਦਨ ਲਾਲ, ਨਿਤਿਨ ਅਰੋੜਾ ਆਦਿ ਵੀ ਹਾਜ਼ਰ ਸਨ।