ਪੰਜਾਬੀ ਕਦੇ ਵੀ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਣ ਦੇਣਗੇ- ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਵੱਲੋਂ ਹਰ ਕਿਸੇ ਨੂੰ ਪੰਜਾਬ ਯੂਨੀਵਰਸਿਟੀ ਮਾਮਲੇ ਵਿਚ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਹਮਾਇਤ ਕਰਨ ਦਾ ਸੱਦਾ
ਅਕਾਲੀ ਦਲ ਦੀ ਅਗਵਾਈ ਹੇਠਲਾ ਵਫਦ ਮਾਮਲੇ ਵਿਚ ਉਪ ਰਾਸ਼ਟਰਪਤੀ ਨੂੰ ਮਿਲੇਗਾ ਕਿਹਾ ਕਿ, ਪੰਜਾਬੀ ਕਦੇ ਵੀ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਣ ਦੇਣਗੇ
ਅਕਾਲੀ ਦਲ ਚੰਡੀਗੜ੍ਹ ਨੂੰ ਸਥਾਈ ਯੂ.ਟੀ ਬਣਾਉਣ ਦੇ ਯਤਨ ਅਸਫਲ ਕਰਨ ਲਈ ਦ੍ਰਿੜ੍ਹ ਸੰਕਲਪ: ਸੁਖਬੀਰ ਬਾਦਲ
ਚੰਡੀਗੜ੍ਹ, 15 ਨਵੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਮਾਮਲੇ ਵਿਚ ਪਾਰਟੀ ਲੀਹਾਂ ਤੋਂ ਉਠ ਕੇ ਹਮਾਇਤ ਕਰਨ। ਇਥੇ ਪੰਜਾਬ ਯੂਨੀਵਰਸਿਟੀ ਦੇ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਇਕ ਮਜ਼ਬੁਤ ਸੁਨੇਹਾ ਦਿੱਤਾ ਜਾਵੇ ਕਿ ਪੰਜਾਬੀ ਕਦੇ ਵੀ ਇਸ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਨਹੀਂ ਦੇਣਗੇ।
ਉਹਨਾਂ ਕਿਹਾ ਕਿ ਉਹ ਕਿਸੇ ਯਤਨ ਦਾ ਸਿਹਰਾ ਨਹੀਂ ਲੈਣਾ ਚਾਹੁੰਦੇ ਪਰ ਪੰਜਾਬੀਆਂ ਨੂੰ ਸੂਬੇ ਤੋਂ ਪੰਜਾਬ ਯੂਨੀਵਰਸਿਟੀ ਖੋਹਣ ਦੇ ਕਿਸੇ ਵੀ ਕਦਮ ਦੀ ਵਿਰੋਧਤਾ ਵਾਸਤੇ ਇਕਜੁੱਟ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦਾ ਪ੍ਰਤੀਕ ਚਿੰਨ ਹੈ ਅਤੇ ਇਹ ਉਹਨਾਂ ਲਈ ਇਕ ਭਾਵੁਕ ਮਾਮਲਾ ਹੈ। ਉਹਨਾਂ ਕਿਹਾ ਕਿ ਉਹ ਚਾਰ ਸਾਲ ਤੱਕ ਯੂਨੀਵਰਸਿਟੀ ਵਿਚ ਪੜ੍ਹੇ ਹਨ ਅਤੇ ਇਸ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਕਿਸੇ ਵੀ ਯਤਨ ਦੇ ਵਿਰੋਧ ਲਈ ਸਾਨੂੰ ਇਕ ਮੰਚ ’ਤੇ ਇਕਜੁੱਟ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਹ ਪੰਜਾਬ ਦੀ ਪ੍ਰਤੀਸ਼ਠਤ ਯੂਨੀਵਰਸਿਟੀ ’ਤੇ ਕਬਜ਼ਾ ਕਰਨ ਦਾ ਪਹਿਲਾ ਯਤਨ ਹੈ ਤੇ ਇਸ ਮਗਰੋਂ ਚੰਡੀਗੜ੍ਹ ਦਾ ਸਰੂਪ ਬਦਲਣ ਲਈ ਹੋਰ ਕਦਮ ਤਿਆਰ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਚੰਡੀਗੜ੍ਹ ਵਿਚ ਭਰਤੀ ਦੀ ਵੱਖਰੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਦੋਂ 1966 ਵਿਚ ਸੂਬੇ ਦਾ ਪੁਨਰਗਠਨ ਕੀਤਾ ਗਿਆ ਸੀ ਤਾਂ ਇਹ ਫੈਸਲਾ ਹੋਇਆ ਸੀ ਕਿ ਪੰਜਾਬ ਅਤੇ ਹਰਿਆਣਾ ਤੋਂ 60:40 ਦੇ ਅਨੁਪਾਤ ਵਿਚ ਅਫਸਰ ਤਾਇਨਾਤ ਕੀਤੇ ਜਾਣਗੇ ਪਰ ਹੁਣ ਹੋਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਤਰਜ਼ ’ਤੇ ਚੰਡੀਗੜ੍ਹ ਲਈ ਵੱਖਰਾ ਕੇਡਰ ਤਿਆਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲਾ ਵਫਦ ਜਲਦੀ ਹੀ ਉਪ ਰਾਸ਼ਟਰਪਤੀ ਨੂੰ ਮਿਲੇਗਾ ਤੇ ਮਾਮਲੇ ਵਿਚ ਉਹਨਾਂ ਦੇ ਦਖਲ ਦੀ ਮੰਗ ਕਰੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਯੂਨੀਵਰਸਿਟੀ ਦਾ ਸਰੂਪ ਬਦਲਣ ਦੇ ਕਿਸੇ ਵੀ ਯਤਨ ਦੇ ਵਿਰੋਧ ਵਿਚ ਆਪਣੀ ਭੂਮਿਕਾ ਨਿਭਾਉਣ ਵਾਸਤੇ ਤਿਆਰ ਹੈ ਅਤੇ ਉਹ ਇਸ ਮੁਹਿੰਮ ਦੀ ਅਗਵਾਈ ਕਰਨ ਵਾਸਤੇ ਵੀ ਤਿਆਰ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਮਲੇ ’ਤੇ ਤਾਜ਼ਾ ਘਟਨਾਕ੍ਰਮ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਵਾਈਸ ਚਾਂਸਲਰ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹਨਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਵਾਸਤੇ ਸਬੰਧਤ ਅਧਿਕਾਰੀਆਂ ਨੂੰ ਤਜਵੀਜ਼ ਭੇਜੀ ਹੈ ਤੇ ਉਹ ਪ੍ਰਵਾਨਗੀ ਦੀ ਉਡੀਕ ਵਿਚ ਹਨ।
ਵਿਦਿਆਰਥੀਆਂ ਨੇ ਸਵਾਲ ਖੜ੍ਹਾ ਕੀਤਾ ਕਿ ਜਦੋਂ ਕੇਂਦਰ ਸਰਕਾਰ ਕੁਝ ਹੀ ਘੰਟਿਆਂ ਵਿਚ ਦੋ ਨੋਟੀਫਿਕੇਸ਼ਨ ਜਾਰੀ ਕਰ ਸਕਦੀ ਹੈ ਤਾਂ ਫਿਰ ਵਾਈਸ ਚਾਂਸਲਰ ਦੀ ਤਜਵੀਜ਼ ਨੂੰ ਬਿਨਾਂ ਦੇਰੀ ਤੋਂ ਪ੍ਰਵਾਨਗੀ ਕਿਉਂ ਨਹੀਂ ਮਿਲ ਸਕਦੀ। ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਇਕ ਸਿਆਸੀ ਵਿਅਕਤੀ ਵਜੋਂ ਇਥੇ ਨਹੀਂ ਆਏ ਬਲਕਿ ਉਹਨਾਂ ਦੀ ਇਸ ਯੂਨੀਵਰਸਿਟੀ ਨਾਲ ਭਾਵੁਕ ਸਾਂਝ ਹੈ ਜਿਸ ਨਾਲ ਪੰਜਾਬ ਦੇ 200 ਕਾਲਜਾਂ ਨੂੰ ਮਾਨਤਾ ਪ੍ਰਾਪਤ ਹੈ। ਉਹਨਾਂਕਿਹਾ ਕਿ ਉਹ ਯੂਨੀਵਰਸਿਟੀ ਦੇ ਮੌਜੂਦਾ ਸਰੂਪ ਦੀ ਰਾਖੀ ਵਾਸਤੇ ਜੋ ਵੀ ਕਰਨਾ ਪਵੇ ਕਰਨ ਵਾਸਤੇ ਤਿਆਰ ਹਨ।