ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਆਲਮਗੀਰ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ
ਅੰਮ੍ਰਿਤਸਰ, 16 ਨਵੰਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਅਗਲੇ ਪੜਾਅ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ।
ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਵਿਖੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸੇਵਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਨਿਭਾਈ। ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਪ੍ਰਿਤਪਾਲ ਸਿੰਘ ਪਾਲੀ, ਸ. ਹਰਪਾਲ ਸਿੰਘ ਜੱਲ੍ਹਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਬਲਵਿੰਦਰ ਸਿੰਘ ਬੈਂਸ, ਮੀਤ ਸਕੱਤਰ ਸ. ਮਨਜੀਤ ਸਿੰਘ ਤਲਵੰਡੀ, ਇੰਚਾਰਜ ਸ. ਹਰਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸੁਪਰਵਾਈਜ਼ਰ ਸ. ਲਾਲ ਸਿੰਘ, ਸ. ਸੁਖਰਾਜ ਸਿੰਘ ਤੇ ਸ. ਗੁਰਮੀਤ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ, ਸ. ਸ਼ਰਨਜੀਤ ਸਿੰਘ ਤੇ ਸ. ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।