ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਅਰਦਾਸ ਉਪਰੰਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਰਵਾਨਾ
ਅਸ਼ੋਕ ਵਰਮਾ
ਤਲਵੰਡੀ ਸਾਬੋ (ਬਠਿੰਡਾ) 20 ਨਵੰਬਰ :ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਅਰਦਾਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਵੇਲੇ ਬਾਬਾ ਸੁਖਮੰਦਰ ਸਿੰਘ ਮੋਰ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਭਰਵੀਂ ਗਿਣਤੀ ਸੰਗਤ ਸਮੇਤ ਇੱਕ ਆਮ ਸ਼ਰਧਾਲੂ ਵਜੋਂ ਨਗਰ ਕੀਰਤਨ ਦੇ ਦਰਸ਼ਨ ਕਰਨ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਤੇ ਸ੍ਰ ਗੁਰਮੀਤ ਸਿੰਘ ਖੁੱਡੀਆਂ ਸਮੇਤ ਚੀਫ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਅਮਨੀਤ ਕੌਂਡਲ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤੀਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜੋ ਹਿੰਦ ਦੀ ਚਾਦਰ ਦੇ ਨਾਂ ਨਾਲ ਸਾਰੇ ਸੰਸਾਰ ਵਿੱਚ ਪ੍ਰਸਿੱਧ ਹਨ, ਨੇ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਤੇ ਲਾਸਾਨੀ ਕੁਰਬਾਨੀ ਦਿੱਤੀ। ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।
ਇਸ ਮੌਕੇ ਵਿੱਤ ਮੰਤਰੀ ਪੰਜਾਬ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਧਰਮ ਲਈ ਦਿੱਤੀ ਸ਼ਹਾਦਤ ਸਦਾ ਲਈ ਅਮਰ ਹੋ ਗਈ। ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਸ਼ਹਾਦਤ ਸਰਬੋਤਮ ਸਮਰਪਣ ਅਤੇ ਹਿੰਮਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸਿੱਖ ਕੌਮ ਗੁਰੂ ਜੀ ਦੇ ਉਪਦੇਸ਼—ਧਰਮ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਨੂੰ ਯਾਦ ਕਰਦੀ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ।
ਇਸ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।
ਇਸ ਮੌਕੇ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ 23 ਤੋਂ 25 ਨਵੰਬਰ 2025 ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ, ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ।
ਇਸ ਤੋਂ ਪਹਿਲਾਂ ਨਗਰ ਕੀਰਤਨ ਦੌਰਾਨ ਦੀ ਆਰੰਭਤਾ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੰਦਿਆਂ ਸਲਾਮੀ ਵੀ ਦਿੱਤੀ ਗਈ। ਮਾਲਵੇ ਦੀ ਧਰਤੀ ‘ਤੇ ਨਗਰ ਕੀਰਤਨ ਦਾ ਵੱਡੀ ਗਿਣਤੀ ਸੰਗਤ ਵੱਲੋਂ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ 'ਤੇ ਸਕੂਲੀ ਵਿਦਿਆਰਥੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜਿੱਥੇ ਸਵਾਗਤ ਕੀਤਾ ਗਿਆ ਉੱਥੇ ਹੀ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।
ਨਗਰ ਕੀਰਤਨ ਦਾ ਬਠਿੰਡਾ ਵਿਖੇ ਪਹੁੰਚਣ 'ਤੇ ਵਿਧਾਇਕ (ਬਠਿੰਡਾ) ਸ਼ਹਿਰੀ ਸ. ਜਗਰੂਪ ਸਿੰਘ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੈਅਰਮੈਨ ਸ ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ ਨਵਦੀਪ ਸਿੰਘ ਜੀਦਾ, ਚੈਅਰਮੈਨ ਰਾਕੇਸ਼ ਪੁਰੀ, ਚੈਅਰਮੈਨ ਸ਼੍ਰੀ ਇੰਦਰਜੀਤ ਸਿੰਘ ਮਾਨ, ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਡਾਇਰੈਕਟਰ ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ ਅਮਰਜੀਤ ਸਿੰਘ ਰਾਜਨ, ਸਾਬਕਾ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਤੋਂ ਭਾਗੀਵਾਂਦਰ, ਕੋਟਸ਼ਮੀਰ, ਬਠਿੰਡਾ ਆਈ.ਟੀ.ਆਈ. ਚੌਕ, ਬੀਬੀ ਵਾਲਾ ਚੌਕ, ਭੁੱਚੋ ਮੰਡੀ, ਰਾਮਪੁਰਾ ਹੁੰਦਾ ਹੋਇਆ ਅਗਲੇ ਪੜਾਅ ਲਈ ਜ਼ਿਲ੍ਹਾ ਬਰਨਾਲਾ ਪ੍ਰਵੇਸ਼ ਹੋਇਆ।
ਇਸ ਮੌਕੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਬੁੱਢਾ ਦਲ ਦੇ ਮੁੱਖਤਿਆਰੇਆਮ ਬਾਬਾ ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।