ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ
*ਹਰੇਕ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ*
*ਗੁਰੂ ਸਾਹਿਬ ਜੀ ਦੀ ਮਹਾਨਤਾ ਅੱਗੇ ਸਾਰੇ ਯਤਨ ਮਾਮੂਲੀ ਪਰ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ ਪੰਜਾਬ ਸਰਕਾਰ*
*23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਅਪੀਲ*
*ਪਿਛਲੇ ਸਮੇਂ ਵਿੱਚ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਸਾਰੀਆਂ ਸਰਕਾਰਾਂ ਮਨਾਉਂਦੀਆਂ ਰਹੀਆਂ ਹਨ ਤਾਂ ਹੁਣ ਸਾਡੀ ਸ਼ਰਧਾ ਭਾਵਨਾ ਵਿੱਚ ਨਿਗੋਚਾਂ ਕੱਢਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ*
*ਲੋਕਾਂ ਦੀਆਂ ਨਜ਼ਰਾਂ ਤੋਂ ਡਿੱਗ ਚੁੱਕੇ ਅਕਾਲੀ ਸਾਨੂੰ ਮਰਿਆਦਾ ਦਾ ਪਾਠ ਪੜ੍ਹਾ ਰਹੇ ਹਨ*
ਧੂਰੀ (ਸੰਗਰੂਰ), 20 ਨਵੰਬਰ:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।
ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਥਾਵਾਂ ਦੀ ਸੰਭਾਲ, ਉਨ੍ਹਾਂ ਦੇ ਪ੍ਰਚਾਰ-ਪ੍ਰਸਾਰ ਅਤੇ ਸੰਗਤ ਲਈ ਬਿਹਤਰ ਸਹੂਲਤਾਂ ਵੱਲ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।
ਅੱਜ ਦੇ ਸਮਾਗਮ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਤੋਂ ਪਿੰਡਾਂ ਤੇ ਸ਼ਹਿਰ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਚੈੱਕ ਸੌਂਪੇ ਗਏ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰ ਸਾਂਝ ਦਾ ਵਿਸ਼ਵਵਿਆਪੀ ਸੰਦੇਸ਼ ਸਮਕਾਲੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਅਜੋਕੇ ਦੌਰ ਵਿੱਚ ਵੀ ਪ੍ਰਸੰਗਿਕ ਹੈ।
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀਨਗਰ ਤੋਂ ਅਤੇ ਪੰਜਾਬ ਦੇ ਤਿੰਨ ਸ਼ਹਿਰਾਂ ਫਰੀਦਕੋਟ, ਗੁਰਦਾਸਪੁਰ ਅਤੇ ਤਲਵੰਡੀ ਸਾਬੋ ਤੋਂ ਨਗਰ ਕੀਰਤਨ ਰਵਾਨਾ ਹੋ ਚੁੱਕੇ ਹਨ ਜੋ ਲਗਪਗ ਸੂਬੇ ਦੇ ਸਾਰੇ ਸ਼ਹਿਰਾ ਵਿੱਚੋਂ ਗੁਜ਼ਰਨਗੇ। ਉਨ੍ਹਾਂ ਨੇ ਲੋਕਾਂ ਨੂੰ ਨਗਰ ਕੀਰਤਨਾਂ ਵਿੱਚ ਸ਼ਾਮਲ ਹੋ ਕੇ ਦਰਸ਼ਨ ਕਰਨ ਦੀ ਅਪੀਲ ਕੀਤੀ। ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨਾਂ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਰਵਾਨਾ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਗਏ ਹਨ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਗਿਆ।
ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ਪਵਿੱਤਰ ਸ਼ਹਿਰ ਵਿਖੇ "ਚੱਕ ਨਾਨਕੀ" ਨਾਮਕ "ਟੈਂਟ ਸਿਟੀ" ਸਥਾਪਤ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ 'ਤੇ ਵਿਚਾਰ ਸਾਂਝੇ ਕਰਨਗੀਆਂ। ਇਸ ਸੈਸ਼ਨ ਵਿੱਚ ਇਤਿਹਾਸਕ ਫੈਸਲੇ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ "ਸਰਬੱਤ ਦਾ ਭਲਾ ਇੱਕਤਰਤਾ" ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।
ਮੁੱਖ ਮੰਤਰੀ ਮਾਨ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਬੇਲੋੜੇ ਨੁਕਸ ਕੱਢਣ ਵਾਲਿਆਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਸ਼ਹੀਦੀ ਦਿਹਾੜੇ ਨੂੰ ਮਨਾ ਰਹੀਆਂ ਹਨ ਪਰ ਕੁਝ ਪਾਰਟੀਆਂ ਸਾਡੇ ਵੱਲੋਂ ਨਿਭਾਏ ਜਾ ਰਹੇ ਫਰਜ਼ ਵਿੱਚ ਨਿਗੋਚਾਂ ਕੱਢਣ ਦੀ ਬਦਨੀਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਹੈ ਕਿ ਅਕਾਲੀਆਂ ਨੇ ਹਮੇਸ਼ਾ ਧਰਮ ਨੂੰ ਢਾਲ ਵਜੋਂ ਵਰਤਿਆ ਹੈ ਅਤੇ ਹੁਣ ਜਦੋਂ ਲੋਕਾਂ ਦੀਆਂ ਨਜ਼ਰਾਂ ਵਿੱਚ ਡਿੱਗ ਚੁੱਕੇ ਹਨ ਤਾਂ ਸਾਨੂੰ ਮਰਿਆਦਾ ਦਾ ਪਾਠ ਪੜ੍ਹਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਮੇਂ ਗੁਰੂ ਸਾਹਿਬਾਨ ਦੀਆਂ ਵੱਡੀਆਂ ਸ਼ਤਾਬਦੀਆਂ ਸਾਰੀਆਂ ਸਰਕਾਰਾਂ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਹਨ ਪਰ ਜਦੋਂ ਸਾਡੀ ਸਰਕਾਰ ਸ਼ਰਧਾ ਭਾਵਨਾ ਨਾਲ ਫਰਜ਼ ਨਿਭਾਉਂਦੇ ਹੋਏ ਇਹ ਸਮਾਗਮ ਕਰਵਾ ਰਹੀ ਹੈ ਤਾਂ ਵਿਰੋਧੀ ਧਿਰਾਂ ਸਾਜ਼ਿਸ਼ਾਂ ਘੜ ਰਹੀਆਂ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ, "ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਵੀ ਅਕਾਲੀ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ। ਉਹ ਆਉਂਦੇ ਦਿਨਾਂ ਵਿੱਚ ਹੋਰ ਨਿਗੋਚਾਂ ਕੱਢਣਗੇ ਪਰ ਸਾਡੀ ਨੀਅਤ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਹੈ ਜਿਸ ਕਰਕੇ ਅਸੀਂ ਇਨ੍ਹਾਂ ਦੀ ਪ੍ਰਵਾਹ ਨਹੀਂ ਕਰਦੇ।"
ਗੋਲਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦਾਅਵੇ ਨੂੰ ਸਹੀ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸ਼੍ਰੋਮਣੀ ਕਮੇਟੀ ਦੇ ਪੈਸੇ ਵਿੱਚੋਂ ਇਸ਼ਤਿਹਾਰ ਦਿੱਤੇ ਸਨ ਅਤੇ ਸੁਖਬੀਰ ਸਿੰਘ ਬਾਦਲ ਨੇ ਖੁਦ ਅਕਾਲ ਤਖ਼ਤ ਦੇ ਸਾਹਮਣੇ ਇਸ ਗੱਲ ਨੂੰ ਕਬੂਲ ਕੀਤਾ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੂਰੀ ਹਲਕੇ ਦੇ 17 ਪਿੰਡਾਂ ਵਿੱਚ 7.57 ਕਰੋੜ ਰੁਪਏ ਦੀ ਲਾਗਤ ਵਾਲੇ 38 ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਹਾਜ਼ਰ ਸਨ।