ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਪਾਲਿਆ, ਮਾਨ ਸਰਕਾਰ ਉਨ੍ਹਾਂ ਦਾ ਸਫਾਇਆ ਕਰ ਰਹੀ ਹੈ: ਬਲਤੇਜ ਪੰਨੂ
ਆਪ ਸਰਕਾਰ ਦੀ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ-ਮੁਕਤ ਸੂਬਾ ਨਹੀਂ ਬਣ ਜਾਂਦਾ:ਪੰਨੂ
ਚੰਡੀਗੜ੍ਹ, 22 ਨਵੰਬਰ
ਆਮ ਆਦਮੀ ਪਾਰਟੀ (ਆਪ)ਪੰਜਾਬ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਗੈਂਗਸਟਰਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਦਾ ਸਿੱਧਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਇੱਕ ਅਜਿਹੀ ਸਰਕਾਰ ਹੈ ਜੋ ਗੈਂਗਸਟਰਾਂ ਨੂੰ ਸਰਪ੍ਰਸਤੀ ਨਹੀਂ, ਉਨ੍ਹਾਂ ਦਾ ਸਫਾਇਆ ਕਰ ਰਹੀ ਹੈ।
ਵਿਰੋਧੀ ਧਿਰ 'ਤੇ ਤਿੱਖਾ ਹਮਲਾ ਕਰਦਿਆਂ ਪੰਨੂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ (ਅਕਾਲੀ ਦਲ ਅਤੇ ਕਾਂਗਰਸ) ਨੇ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਗੈਂਗਸਟਰਾਂ ਨੂੰ ਰਾਜਨੀਤਿਕ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਨੂੰ ਵਧਣ-ਫੁੱਲਣ ਦਿੱਤਾ। ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਂਗਸਟਰਾਂ ਪ੍ਰਤੀ "ਜ਼ੀਰੋ ਟਾਲਰੈਂਸ" ਨੀਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਗੈਂਗਸਟਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਕਾਨੂੰਨ ਤੋੜਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਦੀ ਕਾਨੂੰਨ ਵਿਵਸਥਾ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੱਥਾਂ ਵਿੱਚ ਹੈ। ਪੰਨੂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। 'ਆਪ' ਸਰਕਾਰ ਹਰ ਪੰਜਾਬੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਵਿਰੁੱਧ ਆਪ ਸਰਕਾਰ ਦੀ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ "ਗੈਂਗਸਟਰ-ਮੁਕਤ ਸੂਬਾ ਨਹੀਂ ਬਣ ਜਾਂਦਾ।
ਬਲਤੇਜ ਪੰਨੂ ਨੇ ਕਿਹਾ ਕਿ ਅਪਰਾਧ ਦਾ ਰਸਤਾ ਚੁਣਨ ਵਾਲਿਆਂ ਲਈ ਪੰਜਾਬ ਵਿੱਚ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਅਪਰਾਧਿਕ ਤੱਤਾਂ ਨੂੰ ਚੇਤਾਵਨੀ ਦਿੱਤੀ ਉਹ ਜਾਂ ਤਾਂ ਅਪਰਾਧ ਛੱਡ ਦੇਣ ਜਾਂ ਸਖ਼ਤ ਨਤੀਜੇ ਭੁਗਤਣ ਲਈ ਤਿਆਰ ਰਹਿਣ।