ਅਸ਼ੋਕ ਵਰਮਾ
ਬਠਿੰਡਾ ,22 ਨਵੰਬਰ 2025 :ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਮਜਦੂਰਾਂ ਦੀਆਂ ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਚਲਾਉਣ,ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ,ਮੀਂਹਾ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ, ਔਰਤਾਂ ਨੂੰ 1100 ਰੁਪਏ ਮਹੀਨਾ ਦਿਵਾਉਣ ਅਤੇ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਮਜ਼ਦੂਰਾਂ ਨੂੰ ਦਿਵਾਉਣ ,ਤਿੱਖੇ ਜਮੀਨੀ ਸੁਧਾਰ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਲਾਏ ਧਰਨੇ ਨੂੰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਣਡਿੱਠ ਕਰਨ ਦੇ ਰੋਸ ਵਜੋਂ ਮਜ਼ਦੂਰਾਂ ਨੇ ਅੱਜ ਭਗਵੰਤ ਮਾਨ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪਿੱਟ ਸਿਆਪਾ ਕਰਕੇ ਸੜਕ ਨੂੰ ਜਾਮ ਕਰਕੇ ਗੁੱਸੇ ਤੇ ਰੋਹ ਦਾ ਪ੍ਰਗਟਾਵਾ ਕੀਤਾ।
ਧਰਨੇ ਨੂੰ ਸੰਬੋਧਨ ਕਰਦਿਆ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੇ ਗੁਰਮੀਤ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਬੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਆਗੂ ਮਿੱਠੂ ਸਿੰਘ ਘੁਦਾ , ਮੱਖਣ ਸਿੰਘ ਗੁਰੂਸਰ , ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀਲਾਲ ਤੇ ਕੁਲਵੰਤ ਜੀਦਾ,ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ , ਮਜਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਤੇ ਅਜੈਬ ਸਿੰਘ ਖੋਖਰ ਆਦਿ ਆਗੂਆ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਧਰਨੇ ਦੇ ਪਹਿਲੇ ਦਿਨ ਪ੍ਰਸ਼ਾਸਨ ਨੇ ਮਜ਼ਦੂਰ ਮੰਗਾਂ ਸਬੰਧੀ ਡੀਸੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ।
ਉਹਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਮਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਕੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ।ਸਰਕਾਰ ਦੀ ਇਸ ਨੀਤੀ ਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ । ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ 27 ਲੱਖ ਜੌਬ ਕਾਰਡ ਕੱਟਕੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਖਾਤਮਾ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆ ਹਨ।ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਸੰਘਰਸ਼ਾ ਰਾਹੀ ਬਣਾਏ ਮਜਦੂਰ ਪੱਖੀ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆ ਦੀਆਂ ਤਿਜੌਰੀਆਂ ਭਰਨ ਦਾ ਰਾਹ ਅਖਤਿਆਰ ਕਰ ਲਿਆ ਹੈ।
ਬੁਲਾਰਿਆਂ ਨੇ ਭਗਵੰਤ ਮਾਨ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੇ ਵਾਅਦਿਆ ਨੂੰ ਲਾਗੂ ਕਰਨ ਦੀ ਵਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ 'ਤੇ ਜਬਰ ਜੁਲਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੀਹਾਂ ਨਾਲ ਹੋਏ ਨੁਕਸਾਨ ਦੀ ਅਜੇ ਤੱਕ ਮਜ਼ਦੂਰਾਂ ਦੇ ਹੱਥਾਂ ਤੇ ਧੇਲਾ ਨਹੀ ਰੱਖਿਆ ਗਿਆ ਅਤੇ ਨਾ ਹੀ ਔਰਤਾਂ ਨੂੰ 1100 ਰੁਪਏ ਦੇਣ ਦੇ ਵਾਅਦਾ ਪੂਰਾ ਕੀਤਾ ਗਿਆ ਹੈ।ਉਨਾਂ ਸਰਕਾਰ ਨੂੰ ਚਿਤਵਾਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆ ਤਾ ਮਜ਼ਦੂਰ ਮੋਰਚੇ ਦੇ ਸੂਬਾਈ ਦੀ ਅਗਵਾਈ ਵਿੱਚ ਸੰਘਰਸ਼ ਕੀਤਾ ਜਾਵੇਗਾ ।