ਅਕਾਲੀ ਦਲ ਦੀ ਕੋਰ ਕਮੇਟੀ ਨੇ ਕੇਂਦਰ ਅਤੇ ਰਾਜ ਸਰਕਾਰ ਨੂੰ ਕੀਤੀ ਅਪੀਲ
ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਾ ਕੀਤੀ ਜਾਵੇ ਅਤੇ ਸਿੱਖ ਸੰਸਥਾਂਵਾਂ ਤੇ ਗੁਰਧਾਮਾਂ ’ਤੇ ਕਬਜ਼ਾ ਕਰਨ ਤੋਂ ਗੁਰੇਜ਼ ਕੀਤਾ ਜਾਵੇ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਅਧਿਕਾਰ ਅਤੇ ਇਹ ਤੁਰੰਤ ਸੂਬੇ ਨੂੰ ਦਿੱਤਾ ਜਾਵੇ
ਚੰਡੀਗੜ੍ਹ, 24 ਨਵੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਅਤੇ ਖਾਲਸਾ ਪੰਥ ਦੇ
ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਸਮੇਤ ਤਖ਼ਤਾਂ ’ਤੇ ਕੰਟਰੋਲ ਕਰਨ ਦੇ ਰੁਝਾਨ ਤੋਂ ਗੁਰੇਜ਼ ਕਰਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰਨਾ ਅਤੇ ਧੱਕੇ ਨਾਲ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਇਮ ਕਰਨਾ ਉਹਨਾਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕਰਨ ਦਾ ਸਹੀ ਤਰੀਕਾ ਨਹੀਂ ਹੈ ਜਿਹਨਾਂ ਨੇ ਧਾਰਮਿਕ ਅਸਹਿਣਸ਼ੀਲਤਾ ਅਤੇ ਜ਼ਬਰ ਦੇ ਖਿਲਾਫ ਸ਼ਹਾਦਤਾਂ ਦਿੱਤੀਆਂ।
ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਧਾਰਮਿਕ ਵਿਸ਼ਵਾਸ, ਕਦਰਾਂ ਕੀਮਤਾਂ ਅਤੇ ਹੋਰ ਧਾਰਮਿਕ ਮਾਮਲਿਆਂ ਵਿਚ ਆਪਣੀ ਸਰਵੋਤਮ ਸ਼ਹਾਦਤ ਦੇ ਕੇ ਇਕ ਨਿਵੇਕਲੀ ਉਦਾਹਰਣ ਪੇਸ਼ ਕੀਤੀ ਹੈ। ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਅਤੇ ਮਹਾਰਾਸ਼ਟਰ, ਬਿਹਾਰ ਅਤੇ ਹਰਿਆਣਾ ਸਰਕਾਰ ਇਸ ਧਾਰਮਿਕ ਦਖਲਅੰਦਾਜ਼ੀ ਅਤੇ ਜ਼ਬਰ ਜਿਸ ਖਿਲਾਫ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦਿੱਤੀ, ਨੂੰ ਜਾਰੀ ਰੱਖ ਰਹੀ ਹੈ। ਇਹ ਵਿਸ਼ਵਾਸਯੋਗ ਨਹੀਂ ਹੈ ਕਿ ਸਰਕਾਰਾਂ ਅੱਜ ਔਰੰਗਜ਼ੇਬ ਦੀ ਉਹੀ ਨੀਤੀ ’ਤੇ ਚਲ ਰਹੀਆਂ ਹਨ।
ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਸਾਰਾ ਦੇਸ਼ ਅੱਜ ਮਹਾਨ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸ਼ਰਧਾ ਦੇ ਫੁੱਲ ਤਾਂ ਹੀ ਸੱਚੇ ਸਾਬਤ ਹੋਣਗੇ ਜੇਕਰ ਕੇਂਦਰ ਦੇ ਨਾਲ ਨਾਲ ਬਿਹਾਰ, ਮਹਾਰਾਸ਼ਟਰ, ਦਿੱਲੀ, ਹਰਿਆਣਾ ਅਤੇ ਹੋਰ ਰਾਜਾਂ ਦੀਆਂ ਸਰਕਾਰਾਂ ਸਿੱਖ ਧਾਰਮਿਕ ਸੰਸਥਾਵਾਂ ਤੇ ਗੁਰਧਾਮਾਂ ਦੇ ਮਾਮਲੇ ਵਿਚ ਆਪਣੀ ਦਖਲਅੰਦਾਜ਼ੀ ਬੰਦ ਕਰਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ, ਪੰਜਾਬ ਯੂਨੀਵਰਸਿਟੀ ਵਿਚ ਲੋਕਤੰਤਰੀ ਪ੍ਰਕਿਰਿਆ ਖ਼ਤਮ ਕਰਨ ਅਤੇ ਇਸਨੂੰ ਕੇਂਦਰੀ ਕੰਟਰੋਲ ਹੇਠ ਲੈਣ ਤੋਂ ਇਲਾਵਾ ਪੰਜਾਬ ਦੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ( ਬੀ ਬੀ ਐਮ ਬੀ) ’ਤੇ ਪੰਜਾਬ ਦਾ ਕੰਟਰੋਲ ਖ਼ਤਮ ਕਰਨਾ ਪੰਜਾਬ ਨਾਲ ਕੀਤੇ ਜਾ ਰਹੇ ਅਨਿਆਂ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦਾ ਚੰਡੀਗੜ੍ਹ ’ਤੇ ਅਨਿੱਖੜਵਾਂ ਹੱਕ ਹੈ ਅਤੇ ਅਕਾਲੀ ਦਲ ਪੰਜਾਬ ਤੋਂ ਇਸਨੂੰ ਖੋਹਣ ਦੇ ਯਤਨਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਮੰਗ ਕੀਤੀ ਕਿ ਕੇਂਦਰ ਸ਼ਾਸਤ ਪ੍ਰਦੇਸ਼ ਪੰਜਾਬ ਨੂੰ ਦਿੱਤਾ ਜਾਵੇ। ਉਹਨਾਂ ਪੰਜਾਬੀਆ ਅਤੇ ਸਿਆਸੀ ਪਾਰਟੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਹੱਕਾਂ ਦੀ ਰਾਖੀ ਵਿਚ ਅਕਾਲੀ ਦਲ ਦਾ ਸਾਥ ਦੇਣ।
ਇਸ ਦੌਰਾਨ ਕੋਰ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਹਮਲੇ ਦਾ ਗੰਭੀਰ ਨੋਟਿਸ ਲਿਆ ਅਤੇ ਕਿਹਾ ਕਿ ਅਕਾਲੀ ਦਲ ਕਦੇ ਵੀ ਅਜਿਹੀ ਅਪਮਾਨਜਨਕ ਭਾਸ਼ਾ ਬਰਦਾਸ਼ਤ ਨਹੀਂ ਕਰੇਗਾ। ਪਾਰਟੀ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਧੰਨਵਾਦੀ ਹੈ ਜਿਹਨਾਂ ਦੀ ਪ੍ਰੇਰਨਾਦਾਇਕ ਲੀਡਰਸ਼ਿਪ ਹੇਠ ਤਰਨ ਤਾਰਨ ਜ਼ਿਮਨੀ ਚੋਣ ਵਿਚ ਪਾਰਟੀ ਨੂੰ ਲਾਮਿਸਾਲ ਹੁੰਗਾਰਾ ਮਿਲਿਆ। ਪਾਰਟੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਤੇ ਲੜੇਗੀ।
ਕੋਰ ਕਮੇਟੀ ਨੇ ਇਕ ਹੋਰ ਮਤਾ ਪਾਸ ਕਰ ਕੇ ਸਰਦਾਰਨੀ ਅਮਰਜੀਤ ਕੌਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਮੀਡੀਆ ਐਡਵਾਈਜ਼ਰ ਜੰਗਵੀਰ ਸਿੰਘ ਦੇ ਸੱਸ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।