ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ
—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 39 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਚੰਡੀਗੜ੍ਹ, 26 ਨਵੰਬਰ:
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 270 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,150 ਹੋ ਗਈ ਹੈ।
ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.4 ਕਿਲੋਗ੍ਰਾਮ ਹੈਰੋਇਨ, 1.6 ਕਿਲੋਗ੍ਰਾਮ ਆਈਸੀਈ, 389 ਨਸ਼ੀਲੀਆਂ ਗੋਲੀਆਂ ਅਤੇ 6.96 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 358 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 376 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।