ਕੀ MP Amritpal Singh ਨੂੰ ਮਿਲੇਗੀ ਪੈਰੋਲ? ਅੱਜ High Court 'ਚ ਹੋਵੇਗੀ ਸੁਣਵਾਈ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 1 ਦਸੰਬਰ, 2025: ਖਡੂਰ ਸਾਹਿਬ ਤੋਂ ਸਾਂਸਦ ਅਤੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਈਰ ਕੀਤੀ ਸੀ।
ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਪੰਜਾਬ ਸਰਕਾਰ, ਪੰਜਾਬ ਪੁਲਿਸ (Punjab Police) ਅਤੇ ਕੇਂਦਰ ਸਰਕਾਰ (Central Government) ਨੂੰ ਧਿਰ ਬਣਾਇਆ ਹੈ। ਉਨ੍ਹਾਂ ਦਾ ਤਰਕ ਹੈ ਕਿ ਸੂਬੇ ਵਿੱਚ ਆਏ ਹੜ੍ਹ ਅਤੇ ਹੋਰ ਭਖਦੇ ਮੁੱਦਿਆਂ ਨੂੰ ਸੰਸਦ ਵਿੱਚ ਚੁੱਕਣ ਲਈ ਉਨ੍ਹਾਂ ਦੀ ਮੌਜੂਦਗੀ ਬੇਹੱਦ ਜ਼ਰੂਰੀ ਹੈ।
ਸੁਪਰੀਮ ਕੋਰਟ ਤੋਂ ਹਾਈਕੋਰਟ ਤੱਕ ਦੀ ਦੌੜ
ਅੰਮ੍ਰਿਤਪਾਲ ਸਿੰਘ ਨੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ (Supreme Court) ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ ਦਲੀਲ ਦਿੱਤੀ ਸੀ ਕਿ ਇੱਕ ਸਾਂਸਦ ਵਜੋਂ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਹੈ। ਹਾਲਾਂਕਿ, ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਉਨ੍ਹਾਂ ਨੂੰ ਪਹਿਲਾਂ ਸਬੰਧਤ ਹਾਈਕੋਰਟ ਵਿੱਚ ਆਪਣੀ ਗੱਲ ਰੱਖਣੀ ਚਾਹੀਦੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਨਵੰਬਰ ਵਿੱਚ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਅੰਮ੍ਰਿਤਪਾਲ ਦੀ ਪੈਰੋਲ ਅਰਜ਼ੀ 'ਤੇ ਇੱਕ ਹਫ਼ਤੇ ਦੇ ਅੰਦਰ ਫੈਸਲਾ ਲਵੇ। ਇਸ ਹੁਕਮ ਤੋਂ ਬਾਅਦ, ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC) ਅਤੇ ਐਸਐਸਪੀ (SSP) ਦੀਆਂ ਖੁਫੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਰਿਪੋਰਟ ਵਿੱਚ ਖਦਸ਼ਾ ਜਤਾਇਆ ਗਿਆ ਸੀ ਕਿ ਅੰਮ੍ਰਿਤਪਾਲ ਦੀ ਰਿਹਾਈ ਨਾਲ ਸੂਬੇ ਦੀ ਕਾਨੂੰਨ-ਵਿਵਸਥਾ (Law and Order) ਵਿਗੜ ਸਕਦੀ ਹੈ ਅਤੇ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ।
ਅੱਜ ਫਿਰ ਹੋਵੇਗੀ ਅਦਾਲਤੀ ਲੜਾਈ
ਸਰਕਾਰ ਵੱਲੋਂ ਪੈਰੋਲ ਖਾਰਜ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਹੁਣ ਉਸ ਹੁਕਮ ਨੂੰ ਹੀ ਹਾਈਕੋਰਟ ਵਿੱਚ ਚੁਣੌਤੀ ਦੇ ਦਿੱਤੀ ਹੈ। ਅੱਜ ਹੋਣ ਵਾਲੀ ਸੁਣਵਾਈ ਵਿੱਚ ਇਹ ਤੈਅ ਹੋਵੇਗਾ ਕਿ ਕੀ ਕੋਰਟ ਸਰਕਾਰ ਦੇ ਫੈਸਲੇ ਵਿੱਚ ਦਖ਼ਲ ਦਿੰਦਾ ਹੈ ਜਾਂ ਅੰਮ੍ਰਿਤਪਾਲ ਨੂੰ 1 ਦਸੰਬਰ ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮਿਲਦੀ ਹੈ।