ਬਠਿੰਡਾ: ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ ਦਾਖਲ : ਜ਼ਿਲ੍ਹਾ ਚੋਣ ਅਫਸਰ
ਅਸ਼ੋਕ ਵਰਮਾ
ਬਠਿੰਡਾ, 1 ਦਸੰਬਰ 2025 : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਪਹਿਲੇ ਦਿਨ ਬਠਿੰਡਾ ਜ਼ਿਲ੍ਹੇ ਵਿੱਚ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 4 ਦਸੰਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।