ਖੇਤੀਬਾੜੀ ਮੰਤਰੀ ਦੇ ਘਰ ਅੱਗੇ ਧਰਨਾ ਦੇਣ ਲਈ ਖੇਤ ਮਜ਼ਦੂਰਾਂ ਨੇ ਪਿੰਡਾਂ ਵਿੱਚ ਤੇਜ਼ ਕੀਤੀ ਲਾਮਬੰਦੀ
ਅਸ਼ੋਕ ਵਰਮਾ
ਲੰਬੀ, 5 ਦਸੰਬਰ 2025 : ਖੇਤ ਮਜ਼ਦੂਰਾਂ ਦੇ ਅਹਿਮ ਤੇ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 11 ਦਸੰਬਰ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਦਿੱਤੇ ਜਾ ਰਹੇ ਧਰਨੇ ਸਬੰਧੀ ਯੂਨੀਅਨ ਵੱਲੋਂ ਮੁਹਿੰਮ ਭਖਾ ਦਿੱਤੀ ਹੈ । ਯੂਨੀਅਨ ਦੇ ਬਲਾਕ ਪ੍ਰਧਾਨ ਕਾਲਾ ਸਿੰਘ ਸਿੰਘੇਵਾਲਾ ਨੇ ਦੱਸਿਆ ਕਿ ਧਰਨੇ ਦੀ ਲਾਮਬੰਦੀ ਲਈ ਪਿੰਡ ਮਹਿਣਾ, ਮਿਠੜੀ ਬੁੱਧਗਿਰ, ਭਾਗੂ, ਕਿੱਲਿਆਂਵਾਲੀ ਤੇ ਸਿੰਘੇਵਾਲਾ ਫਤੂਹੀਵਾਲਾ ਚ ਭਰਵੀਆਂ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਨੂੰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਜ਼ਿਲ੍ਹਾ ਕਮੇਟੀ ਮੈਂਬਰ ਕਾਲਾ ਸਿੰਘ ਖੂਨਣ ਖੁਰਦ , ਮਹਿਲਾ ਮਜ਼ਦੂਰ ਆਗੂ ਤਾਰਾਵੰਤੀ ਤੇ ਰਾਮਪਾਲ ਸਿੰਘ ਗੱਗੜ ਨੇ ਸੰਬੋਧਨ ਕੀਤਾ।
ਉਹਨਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੇ ਮਸਲੇ ਹੱਲ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਸਮਾਜਿਕ ਬੇਵੁੱਕਤੀ ਤੋਂ ਨਿਜਾਤ ਪਾਉਣ, ਮਜ਼ਦੂਰਾਂ ਦੇ ਪੱਕੇ ਰੁਜ਼ਗਾਰ ਦੀ ਗਰੰਟੀ ਕਰਾਉਣ , ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਸਮੇਤ ਆਪ ਸਰਕਾਰ ਵੱਲੋਂ ਐਲਾਨੀਆਂ ਚੋਣ ਗਰੰਟੀਆਂ ਲਾਗੂ ਕਰਵਾਉਣ, ਅੰਦੋਲਨਾਂ ਦੌਰਾਨ ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਕੇਸ ਰੱਦ ਕਰਾਉਣ , ਮਜ਼ਦੂਰ ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਾਉਣ , ਜ਼ਮੀਨੀ ਹੱਦਬੰਦੀ ਸੁਧਾਰ ਕਾਨੂੰਨ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਤੇ ਮਜ਼ਦੂਰ ਵਿਰੋਧੀ ਕਿਰਤ ਕੋਡ ਅਤੇ ਨਿੱਜੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਨੂੰ ਖੇਤੀਬਾੜੀ ਮੰਤਰੀ ਦੇ ਘਰ ਅੱਗੇ ਦਿੱਤੇ ਜਾ ਰਹੇ ਧਰਨੇ ਚ ਪਰਿਵਾਰਾਂ ਸਮੇਤ ਸ਼ਾਮਲ ਹੋਣ। ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਟਿੱਪਣੀ ਕਰਦਿਆਂ ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਹਰ ਕਿਸਮ ਦੀਆਂ ਚੋਣਾਂ ਕਿਰਤੀ ਲੋਕਾਂ 'ਚ ਵੰਡੀਆਂ ਪਾਉਣ ਤੇ ਲੋਕਾਂ ਦੇ ਮਸਲੇ ਰੋਲਣ ਦਾ ਕੰਮ ਕਰਦੀਆਂ ਹਨ । ਉਹਨਾਂ ਮਜ਼ਦੂਰਾਂ ਨੂੰ ਇਹਨਾਂ ਚੋਣਾਂ ਤੋਂ ਭਲੇ ਦੀ ਝਾਕ ਛੱਡ ਕੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ। ਖੇਤ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਲਿਆ ਕੇ ਗਰੀਬ ਲੋਕਾਂ ਤੋਂ ਬਿਜਲੀ ਖੋਹਣ ਦੀਆਂ ਚਾਲਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ 8 ਦਸੰਬਰ ਨੂੰ ਦਿੱਤੇ ਜਾ ਰਹੇ ਧਰਨਿਆਂ ਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।